314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ

ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।


ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ।


ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।


ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵੰਝਿਤ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ।


ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ।


ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

———-

Leave a Comment

Your email address will not be published. Required fields are marked *

Scroll to Top