ਕਾਂਗਰਸ ਨੇ ਪੰਜਾਬ ਵਿੱਚ ਨਸ਼ਿਆਂ ਅਤੇ ਅਪਰਾਧਾਂ ਨੂੰ ਰੋਕਣ ਸਬੰਧੀ ਸਰਕਾਰੀ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕੀਤਾ

ਚੰਡੀਗੜ੍ਹ, 28 ਦਸੰਬਰ: ਕਾਂਗਰਸ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਅਤੇ ਅਪਰਾਧਾਂ ਨੂੰ ਰੋਕਣ ਸਬੰਧੀ ਝੂਠੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ‘ਆਪ’ ਸ਼ਾਸਨ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਪਾਰਟੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਅਤੇ ਨਸ਼ੇ ਇਸ ਸਰਕਾਰ ਦੀਆਂ ਸਭ ਤੋਂ ਵੱਡੀਆਂ ਅਸਫਲਤਾਵਾਂ ਵਿੱਚੋਂ ਇੱਕ ਹਨ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਪੇਸ਼ ਕੀਤੇ ਗਏ ਅੰਕੜੇ ਕਿਸੇ ਵੀ ਤਰ੍ਹਾਂ ਨਾਲ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਕਤਲ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ।

ਇਸ ਲੜੀ ਹੇਠ, ਪੁਲਿਸ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਦਾਅਵਿਆਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹਕੀਕਤ ਦਾਅਵਿਆਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਖਬਰਾਂ ‘ਤੇ ਸਖ਼ਤ ਪਾਬੰਦੀਆਂ ਦੇ ਬਾਵਜੂਦ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਸਪਲਾਈ ਅਤੇ ਓਵਰਡੋਜ਼ ਦੀਆਂ ਨਿਯਮਤ ਖਬਰਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰ ਉਹੀ ਹਨ, ਕਿਉਂਕਿ ਜ਼ਮੀਨੀ ਪੱਧਰ ‘ਤੇ ਕੁਝ ਵੀ ਨਹੀਂ ਬਦਲਿਆ ਹੈ।

ਵੜਿੰਗ ਨੇ ਕਾਨੂੰਨ ਵਿਵਸਥਾ ਬਾਰੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਵਿੱਚ ਗੈਂਗਸਟਰ ਹਿੰਸਾ ਨੂੰ ਆਮ ਬਣਾ ਦਿੱਤਾ ਹੈ। ‘ਆਪ’ ਸਰਕਾਰ ਦੇ ਸ਼ਾਸਨ ਦੌਰਾਨ ਫਿਰੌਤੀ ਲਈ ਕਾਲਾਂ, ਲੋਕਾਂ ਨੂੰ ਡਰਾਉਣ ਲਈ ਗੋਲੀਬਾਰੀ ਅਤੇ ਗੈਂਗਸਟਰਾਂ ਵੱਲੋਂ ਕਤਲ ਦੀਆਂ ਘਟਨਾਵਾਂ ਰੋਜ਼ਾਨਾ ਦਿਆਂ ਗੱਲਾਂ ਬਣ ਗਈਆਂ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੋਕਾਂ ਦਾ ਸਰਕਾਰ ਅਤੇ ਪੁਲਿਸ ਤੋਂ ਭਰੋਸਾ ਪੂਰੀ ਤਰ੍ਹਾਂ ਨਾਲ ਖਤਮ ਹੋ ਗਿਆ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਵਿੱਚ ਹਰ ਜਗ੍ਹਾ ਆ ਰਹੀਆਂ ਧਮਕੀਆਂ, ਡਰਾਉਣ-ਧਮਕਾਉਣ ਅਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਬਾਰੇ ਸੂਚਨਾ ਦੇਣੀ ਬੰਦ ਕਰ ਦਿੱਤੀ ਹੈ।

ਵੜਿੰਗ ਨੇ ਦੁਹਰਾਇਆ ਕਿ ਉਨ੍ਹਾਂ ਨੇ ਪਹਿਲਾਂ ਵੀ ਕਿਹਾ ਹੈ ਅਤੇ ਇਸਨੂੰ ਮੁੜ ਤੋਂ ਦੁਹਰਾ ਰਹੇ ਹਨ ਕਿ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ, ਕਿਉਂਕਿ ਇਨ੍ਹਾਂ ਵਿੱਚ ਕਿਸੇ ਵੀ ਸਮੇਂ ਕਿਤੇ ਵੀ ਆਪਣੀ ਮਰਜ਼ੀ ਨਾਲ ਹਮਲਾ ਕਰਨ ਦੀ ਹਿੰਮਤ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਸੂਬੇ ਵਿੱਚ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੇ ਖਤਰੇ ਬਾਰੇ ਜ਼ਮੀਨੀ ਹਕੀਕਤ ਪ੍ਰਤੀ ਅੱਖਾਂ ਬੰਦ ਕਰ ਚੁੱਕੀ ਹੈ।

Leave a Comment

Your email address will not be published. Required fields are marked *

Scroll to Top