ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿੱਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਕੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਲਈ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਗਏ ਹਨ।


ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਸ਼ਾ ਮੁਕਤ ਮੁਹਿੰਮ ਤਹਿਤ 107.22 ਲੱਖ ਰੁਪਏ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਿਆਪਕ ਜਨ-ਜਾਗਰੂਕਤਾ ਗਤੀਵਿਧੀਆਂ ਲਈ 202.99 ਲੱਖ ਰੁਪਏ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਲਈ 109.12 ਲੱਖ ਰੁਪਏ ਖਰਚ ਕੀਤੇ ਗਏ ਹਨ।


ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਸਭ ਤੋਂ ਵੱਡੀ ਮਾਰ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦੀ ਹੈ। ਕਈ ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਹਰ ਰੋਜ਼ ਦੁਆਵਾਂ ਕਰਦੀਆਂ ਹਨ, ਕਈ ਬੱਚੇ ਆਪਣੇ ਪਿਤਾ ਦੀਆਂ ਅੱਖਾਂ ਵਿੱਚੋਂ ਉਮੀਦ ਮੁੱਕਦੀ ਹੋਈ ਵੇਖਦੇ ਹਨ ਅਤੇ ਕਈ ਘਰਾਂ ਦੀਆਂ ਖੁਸ਼ੀਆਂ ਨਸ਼ਿਆਂ ਦੀ ਭੇਟ ਚੜ੍ਹ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਦਰਦ ਨੂੰ ਡੂੰਘਾਈ ਨਾਲ ਸਮਝਦੀ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਲੜਾਈ ਨੂੰ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਨਾਲ ਅੱਗੇ ਵਧਾ ਰਹੀ ਹੈ।


ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਕੇਵਲ ਨਸ਼ਿਆਂ ਨੂੰ ਜੜੋਂ ਖਤਮ ਕਰਨਾ ਹੀ ਨਹੀਂ, ਸਗੋਂ ਹਰ ਨੌਜਵਾਨ ਨੂੰ ਮੁੜ ਸੁਪਨੇ ਵੇਖਣ ਦਾ ਹੌਸਲਾ ਦੇਣਾ, ਹਰ ਮਾਂ ਦੇ ਅੰਸੂ ਪੋਂਝਣਾ ਅਤੇ ਹਰ ਪਰਿਵਾਰ ਵਿੱਚ ਖੁਸ਼ਹਾਲੀ ਵਾਪਸ ਲਿਆਉਣਾ ਹੈ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦਾ ਹਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਤਰੱਕੀ ਅਤੇ ਸਨਮਾਨ ਭਰਿਆ ਜੀਵਨ ਬਤੀਤ ਕਰਦਾ  ਹੋਇਆ ਅੱਗੇ ਵਧੇ।


ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ,  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਰਾਹੁਲ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਕੇਸ਼ਵ ਹਿੰਗੋਨੀਆਂ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਜਾਇੰਟ ਸਕੱਤਰ ਸ੍ਰੀ ਆਨੰਦ ਸਾਗਰ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top