ਰੀਜ਼ਨਲ ਟਰਾਂਸਪੋਰਟ ਅਫ਼ਸਰ ਨੇ ਲਿਆ ਕੈਂਪ ਦਾ ਜਾਇਜ਼ਾ, ਕੈਂਪ ਦੌਰਾਨ 150 ਲੋਕਾਂ ਦੀਆਂ ਅੱਖਾਂ ਦੀ ਜਾਂਚ

ਜਲੰਧਰ, 10 ਜਨਵਰੀ : ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਸਥਾਨਕ ਡਰਾਇਵਿੰਗ ਟਰੈਕ ਵਿਖੇ ਰੀਜ਼ਨਲ ਟਰਾਂਸਪੋਰਟ ਦਫ਼ਤਰ ਵਲੋਂ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 150 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।

ਕੈਂਪ ਦਾ ਜਾਇਜ਼ਾ ਲੈਂਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਵਾਹਨ ਚਾਲਕਾਂ ਦੀਆਂ ਅੱਖਾਂ ਦੀ ਜਾਂਚ ਅਤੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦਿਆਂ ਹਰੇਕ ਲਈ ਸੁਰੱਖਿਅਤ ਸਫ਼ਰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਾਹਨ ਚਾਲਕਾਂ ਨੂੰ ਆਪਣੀਆਂ ਅੱਖਾਂ ਦੀ ਨਿਯਮਿਤ ਤੌਰ ‘ਤੇ ਜਾਂਚ ਕਰਵਾਉਣ ਲਈ ਵੀ ਕਿਹਾ।

ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।

ਇਸ ਮੌਕੇ ਸਹਾਇਕ ਰੀਜ਼ਨਲ ਟਰਾਂਸਪੋਰਟ ਅਫ਼ਸਰ ਵਿਸ਼ਾਲ ਗੋਇਲ ਵਲੋਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਈਏ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਨਾਬਾਲਗ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਹਿੱਤ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ।

Leave a Comment

Your email address will not be published. Required fields are marked *

Scroll to Top