ਜਲੰਧਰ, 24 ਜਨਵਰੀ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ।
ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ। ਉਪਰੰਤ ਡਾ. ਅਗਰਵਾਲ ਨੇ ਪਰੇਡ ਕਮਾਂਡਰ ਅਸ਼ੋਕ ਮੀਨਾ ਆਈ.ਪੀ.ਐਸ. ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮਗਾਰਡਜ਼, ਐਨ.ਸੀ.ਸੀ. (ਲੜਕੇ ਤੇ ਲੜਕੀਆਂ), ਲਾਇਲਪੁਰ ਖਾਲਸਾ ਸਕੂਲ (ਲੜਕੇ), ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਡੀ.ਐਸ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਲਾਇਲਪੁਰ ਖਾਲਸਾ ਸਕੂਲ (ਲੜਕੀਆਂ) ਦੀਆਂ ਟੁਕੜੀਆਂ ਅਤੇ ਸੀ.ਆਰ.ਪੀ.ਐਫ. ਦਾ ਬੈਂਡ ਸ਼ਾਮਲ ਸੀ।
ਇਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਉਪਰੰਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਲਬਰੇਜ਼ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਹੱਤਵਪੂਰਣ ਸਮਾਗਮ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਕਿਹਾ। ਸਮਾਗਮ ਦੌਰਾਨ ਨਾਗਰਿਕਾਂ ਦੀ ਆਮਦ ਦੇ ਮੱਦੇਨਜ਼ਰ ਡਾ. ਅਗਰਵਾਲ ਨੇ ਪੁਲਿਸ ਵਿਭਾਗ ਨੂੰ ਪੁਖ਼ਤਾ ਸੁਰੱਖਿਆ ਪ੍ਰਬੰਧ, ਸੁਚੱਜੀ ਆਵਾਜਾਈ ਅਤੇ ਪਾਰਕਿੰਗ ਲਈ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਡਾ. ਅਗਰਵਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਸਰਵ-ਉੱਤਮ ਝਾਕੀ ਅਤੇ ਸਰਵ-ਉੱਤਮ ਸੱਭਿਆਚਾਰਕ ਪੇਸ਼ਕਾਰੀ ਦੀ ਚੋਣ ਵੀ ਕੀਤੀ ਜਾਵੇਗੀ, ਜਿਸ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
ਡਾ. ਅਗਰਵਾਲ ਨੇ ਕਿਹਾ ਕਿ ਇਸ ਅਹਿਮ ਦਿਹਾੜੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਜਲੰਧਰ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ., ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੇ ਸ਼ਾਇਰੀ ਮਲਹੋਤਰਾ, ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਆਰ.ਟੀ.ਓ. ਅਮਨਪਾਲ ਸਿੰਘ, ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

















































