ਲੰਮਾ ਪਿੰਡ-ਜੰਡੂ ਸਿੰਘਾ ਸੜਕ ਤੇ ਆਦਮਪੁਰ ਏਅਰਪੋਰਟ ਅਪਰੋਚ ਰੋਡ ਦੇ ਚਹੁੰ-ਮਾਰਗੀਕਰਨ, ਬਰਲਟਨ ਪਾਰਕ ਅਤੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਲਿਆ ਜਾਇਜ਼ਾ 

ਜਲੰਧਰ, 24 ਜਨਵਰੀ : ਸਰਫੇਸ ਵਾਟਰ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਦੇਰੀ, ਜਿਸ ਕਰਕੇ ਸ਼ਹਿਰ ਭਰ ਵਿੱਚ ਸੜਕਾਂ ਪੁੱਟੀਆਂ ਹੋਣ ਕਾਰਨ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦਾ ਗੰਭੀਰ ਨੋਟਿਸ ਲੈਂਦਿਆਂ ਕਾਰਜਕਾਰੀ ਏਜੰਸੀ ਮੈ/ਸ ਲਾਰਸਨ ਐਂਡ ਟਰਬੋ ਲਿਮਟਿਡ ਨੂੰ 7.5 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵੱਲੋਂ ਇਸ ਪ੍ਰਾਜੈਕਟ ਵਿਚ ਬੇਲੋੜੀ ਦੇਰੀ ਕਰਨ ਲਈ ਸਬੰਧਿਤ ਵਿਭਾਗ ਨੂੰ ਕਾਰਜਕਾਰੀ ਏਜੰਸੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਜਿਸ ਤੋਂ ਬਾਅਦ ਇਹ ਜੁਰਮਾਨਾ ਲਗਾਇਆ ਗਿਆ ਹੈ। 
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਫੇਸ ਵਾਟਰ ਪ੍ਰਾਜੈਕਟ ਵਿੱਚ ਦੇਰੀ ਹੋਣ ਨਾਲ ਰੋਜ਼ਮਰਾ ਦੀ ਜ਼ਿੰਦਗੀ ਅਤੇ ਨਿਰਵਿਘਨ ਆਵਾਜਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਇਸ ਵਿੱਚ ਹੁਣ ਕਿਸੇ ਵੀ ਪ੍ਰਕਾਰ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਤਾੜਨਾ ਕੀਤੀ ਕਿ ਜੇਕਰ ਨਿਰਧਾਰਿਤ ਸਮਾਂ ਸੀਮਾ ਦੀ ਪਾਲਣਾ ਨਾ ਕੀਤੀ ਗਈ ਤਾਂ ਕਾਰਜਕਾਰੀ ਏਜੰਸੀ ਖਿਲਾਫ਼ ਹੋਰ ਸਖ਼ਤ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਇਸੇ ਸਾਲ ਮੁਕੰਮਲ ਹੋਣ ਦੀ ਉਮੀਦ ਹੈ ਅਤੇ ਉਨ੍ਹਾਂ ਜਲੰਧਰ ਸਮਾਰਟ ਸਿਟੀ ਮਿਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਿਤ ਸਮਾਂ ਸੀਮਾ ਅਤੇ ਕੰਮ ਦੇ ਮਿਆਰ ਦੋਵਾਂ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਫਰਵਰੀ ਦੇ ਅਖੀਰ ਤੱਕ ਬਿਟੂਮਨ ਪਲਾਂਟ ਚਾਲੂ ਹੁੰਦੇ ਹੀ ਕੰਮ ਪੂਰੀ ਤੇਜ਼ੀ ਨਾਲ ਸ਼ੁਰੂ ਹੋਣਾ ਚਾਹੀਦਾ ਹੈ।  
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ 70 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਬਰਲਟਨ ਪਾਰਕ ਸਪੋਰਟਸ ਹੱਬ ਪ੍ਰਾਜੈਕਟ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਅਗਸਤ 2026 ਤੱਕ ਮੁਕੰਮਲ ਹੋਣ ਦਾ ਟੀਚਾ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।  
ਲੰਮਾ ਪਿੰਡ-ਜੰਡੂ ਸਿੰਘਾ ਰੋਡ ਨੂੰ ਚਹੁੰ ਮਾਰਗੀ ਕਰਨ ਦੇ ਪ੍ਰਾਜੈਕਟ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਰਹਿੰਦੇ ਕੰਮ ਵਿੱਚ ਲਿਆਉਣ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਆਦਮਪੁਰ ਏਅਰਪੋਰਟ ਅਪਰੋਚ ਰੋਡ ਦੇ ਚਹੁੰ-ਮਾਰਗੀ ਕਰਨ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਲਗਭਗ 96 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਾਰਜਕਾਰੀ ਏਜੰਸੀ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਸੜਕ ਨੂੰ ਆਮ ਲੋਕਾਂ ਦੀ ਸਹੂਲਤ ਲਈ ਬਿਨਾਂ ਕਿਸੇ ਹੋਰ ਦੇਰੀ ਦੇ ਖੋਲ੍ਹਿਆ ਜਾ ਸਕੇ।
ਇਸ ਤੋਂ ਇਲਾਵਾ ਡਾ.ਅਗਰਵਾਲ ਵਲੋਂ ਕਈ ਹੋਰ ਅਹਿਮ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ, ਜਿਨ੍ਹਾਂ ਵਿੱਚ ਸਿਵਲ ਹਸਪਤਾਲ, ਜਲੰਧਰ ਵਿਖੇ 100 ਬੈਡਾਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦਾ ਨਿਰਮਾਣ, ਗਾਂਧੀ ਵਨੀਤਾ ਆਸ਼ਰਮ ਵਿਖੇ ਲੜਕੀਆਂ ਦੇ ਹੋਸਟਲ ਦੀ ਉਸਾਰੀ, ਤਹਿਸੀਲ ਅਤੇ ਐਸ.ਡੀ.ਐਮ. ਕੰਪਲੈਕਸਾਂ ਦਾ ਨਿਰਮਾਣ ਤੇ ਨਵੀਨੀਕਰਨ, ਸੁਭਾਨਾ ਰੇਲਵੇ ਅੰਡਰਪਾਸ, ਲਿੰਕ ਸੜਕਾਂ ਦੀ ਅਪਗ੍ਰੇਡੇਸ਼ਨ ਅਤੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ, ਸ਼ਾਮਲ ਹਨ, ਦਾ ਵੀ ਜਾਇਜ਼ਾ ਲਿਆ ਗਿਆ।
ਇਨ੍ਹਾਂ ਪ੍ਰਾਜੈਕਟਾਂ ਨੂੰ ਜ਼ਿਲ੍ਹੇ ਦੇ ਵਿਕਾਸ ਵਿੱਚ ਮਹੱਤਵਪੂਰਣ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਜਲੰਧਰ ਵਿਕਾਸ ਦੀਆਂ ਉੱਚ ਲੀਹਾਂ ’ਤੇ ਆ ਜਾਵੇਗਾ ਅਤੇ  ਸ਼ਹਿਰੀ ਬੁਨਿਆਦੀ ਢਾਂਚਾ, ਖਾਸ ਕਰ ਸੜਕੀ ਨੈੱਟਵਰਕ ਨੂੰ ਕਾਫੀ ਮਜ਼ਬੂਤੀ ਮਿਲੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਪ੍ਰਾਜੈਕਟ ਇਸ ਸਾਲ 2026 ਵਿੱਚ ਮੁਕੰਮਲ ਹੋ ਜਾਣਗੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Leave a Comment

Your email address will not be published. Required fields are marked *

Scroll to Top