ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਦਾਖ਼ਲਾ ਮੁਹਿੰਮ ਦਾ ਆਗਾਜ, ਪੰਜਾਬ ਸਰਕਾਰ ਰਾਜ ਵਿੱਚ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ

ਜਲੰਧਰ, 28 ਜਨਵਰੀ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸਾਬੋਵਾਲ ਤੋਂ ਇੱਕ ਵਿਸ਼ੇਸ਼ ਦਾਖ਼ਲਾ ਵੈਨ ਰੈਲੀ ਸ਼ੁਰੂ ਕੀਤੀ ਗਈ, ਜਿਸਨੂੰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਦਾਖ਼ਲਾ ਵੈਨ ਰੈਲੀ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸਮੂਹ 17 ਐਜੂਕੇਸ਼ਨ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕਰਨਾ ਹੈ ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਜ਼ਿਲ੍ਹੇ ਵਿੱਚ 9 ਸਕੂਲ ਆਫ ਐਮੀਨੈਂਸ ਅਤੇ 18 ਸਕੂਲ ਆਫ਼ ਹੈਪੀਨੈਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ ਸਿੱਖਿਆ) ਡਾ. ਗੁਰਿੰਦਰਜੀਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉੱਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਦਾਖ਼ਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ’ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ ਨੇ ਕਿਹਾ ਕਿ ਇਸ ਅਭਿਆਨ ਦੌਰਾਨ ਅਧਿਆਪਕ ਸਮਾਜ ਵਿਚ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਅਗਲੀ ਜਮਾਤ ਵਿੱਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖ਼ਲ ਕੀਤਾ ਜਾਵੇਗਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੀਵ ਜੋਸ਼ੀ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਦੀ ਜਾਣਕਾਰੀ ਆਮ ਲੋਕਾਂ ਨੂੰ ਦਿੱਤੀ ਜਾਵੇਗੀ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੁਨੀਸ਼ ਸ਼ਰਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆ ਵਰਿੰਦਰਵੀਰ ਸਿੰਘ ਨੇ ਦੱਸਿਆ ਕਿ ਅੱਜ ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ ਪੂਰਬੀ-4, ਸ਼ਾਹਕੋਟ-1, 2 ਅਤੇ ਲੋਹੀਆਂ ਖਾਸ ਦੇ ਸਿੱਖਿਆ ਬਲਾਕਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਤੇ ਪ੍ਰਦੀਪ ਪ੍ਰਿਤਪਾਲ ਸਿੰਘ, ਬੀਪੀਈਓ ਗੁਰਦੀਪ ਸਿੰਘ, ਨਿਰਮਲ ਸਿੰਘ, ਰਮੇਸ਼ਵਰ ਚੰਦਰ, ਪੰਕਜ ਕੁਮਾਰ, ਚਰਨਜੀਤ ਸਿੰਘ, ਸੰਦੀਪ ਸਿੱਧੂ, ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਅਤੇ ਮੀਡੀਆ ਇੰਚਾਰਜ ਹਰਜੀਤ ਸਿੰਘ ਆਦਿ ਹਾਜ਼ਰ ਸਨ। 
ਫੋਟੋ ਕੈਪਸ਼ਨ:- ਦਾਖ਼ਲਾ ਵੈਨ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਗੁਰਿੰਦਰਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਸ਼ ਸ਼ਰਮਾ ਅਤੇ ਹੋਰ।

Leave a Comment

Your email address will not be published. Required fields are marked *

Scroll to Top