ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸੰਗੀਤ, ਡਾਂਸ ਅਤੇ ਥੀਏਟਰ ਕਲਾਸਾਂ ਲਈ ਲੋੜੀਂਦੇ ਸਾਜ਼ੋ-ਸਾਮਾਨ ਸਮੇਤ ਹੋਰ ਪ੍ਰਬੰਧ ਕਰਨ ਦੇ ਨਿਰਦੇਸ਼

ਜਲੰਧਰ, 6 ਫਰਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਉਸਾਰੂ ਤੇ ਰਚਨਾਤਮਕ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਅਤੇ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਵਿਰਸਾ ਵਿਹਾਰ, ਜਲੰਧਰ ਵਿੱਚ ਸੰਗੀਤ, ਡਾਂਸ ਅਤੇ ਥੀਏਟਰ ਕਲਾਸਾਂ ਸ਼ੁਰੂ ਕਰਨ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ 1 ਮਾਰਚ ਤੋਂ ਸੰਗੀਤ, ਡਾਂਸ ਅਤੇ ਥੀਏਟਰ ਕਲਾਸਾਂ ਸ਼ੁਰੂ ਕਰਨ ਲਈ ਪੂਰੀ ਸਰਗਰਮੀ ਨਾਲ ਤਿਆਰੀਆਂ ਅਤੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਕਲਚਰਲ ਅਤੇ ਲਿਟਰੇਰੀ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਲੰਧਰ ਕਲਾ ਤੇ ਸੱਭਿਆਚਾਰ ਦਾ ਕੇਂਦਰ ਰਿਹਾ ਹੈ, ਜਿਸ ਨੂੰ ਹੋਰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਸੁਸਾਇਟੀ ਦੇ ਮੈਂਬਰਾਂ ਨੇ ਵੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਇਸ ਪਹਿਲਕਦਮੀ ‘ਤੇ ਸਹਿਮਤੀ ਪ੍ਰਗਟ ਕੀਤੀ।

ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਲਾਸਾਂ ਲਈ ਬਾਕਾਇਦਾ ਤਜਰਬੇਕਾਰ ਅਤੇ ਮਾਹਰ ਇੰਸਟਰਕਟਰਾਂ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਸਿਖਿਆਰਥੀਆਂ ਨੂੰ ਉੱਚ ਮਿਆਰੀ ਸਿਖ਼ਲਾਈ ਪ੍ਰਦਾਨ ਕੀਤੀ ਸਕੇ। ਉਨ੍ਹਾਂ ਕਿਹਾ ਕਿ ਕਲਾਸਾਂ ਸਵੇਰੇ ਅਤੇ ਸ਼ਾਮ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਚਲਾਈਆਂ ਜਾਣ, ਜਿਸ ਨਾਲ ਨੌਜਵਾਨਾਂ ਨੂੰ ਆਪਣੀ ਸੁਵਿਧਾ ਅਨੁਸਾਰ ਭਾਗ ਲੈਣ ਦਾ ਮੌਕਾ ਮਿਲ ਸਕੇਗਾ।

ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਲਾਸਾਂ ਲਈ ਲੋੜੀਂਦੇ ਸੰਗੀਤਕ ਸਾਜ਼, ਉਪਕਰਣ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਪਹਿਲਾਂ ਹੀ ਨੇਪਰੇ ਚਾੜ੍ਹ ਲਿਆ ਜਾਵੇ ਤਾਂ ਜੋ ਕਲਾਸਾਂ ਨਿਰਧਾਰਿਤ ਸਮੇਂ ਅਨੁਸਾਰ ਸ਼ੁਰੂ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਕਲਾ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰਲੇ ਹੁਨਰ ਨੂੰ ਨਿਖਾਰਣ ਵਿੱਚ ਅਹਿਮ ਭੂਮਿਕਾ ਨਿਭਾਵੇਗੀ।

ਮੀਟਿੰਗ ਦੌਰਾਨ ਵਿਰਸਾ ਵਿਹਾਰ ਵਿੱਚ ਸਥਿਤ ਆਡੀਟੋਰੀਅਮ ਦੇ ਨਵੀਨੀਕਰਨ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਡੀਟੋਰੀਅਮ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿੱਚ ਸੱਭਿਆਚਾਰਕ ਪ੍ਰੋਗਰਾਮ, ਨਾਟਕ, ਸੰਗੀਤਕ ਸਮਾਗਮ ਅਤੇ ਹੋਰ ਕਲਾਤਮਕ ਗਤੀਵਿਧੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਾ ਸਕਣ।

ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਉਸਾਰੂ ਮਾਹੌਲ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਹ ਪਹਿਲ ਜ਼ਿਲ੍ਹੇ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ।

ਮੀਟਿੰਗ ਦੌਰਾਨ ਵਿਰਸਾ ਵਿਹਾਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top