ਜਲੰਧਰ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੇ ਚੁੱਕੀ ਸਹੁੰ, ਵਧੀਕ ਡਿਪਟੀ ਕਮਿਸ਼ਨਰ ਨੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ

ਜਲੰਧਰ, 27 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਈ ਗਈ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਨੇ ਵੱਡੀ ਗਿਣਤੀ ਲੋਕਾਂ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਮੈਂਬਰਾਂ ਨੂੰ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਕੌਂਡਲ ਅਤੇ ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ ਉਪਰੰਤ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਵੇਂ ਮੈਂਬਰਾਂ ਨੂੰ ਸਮਰਪਣ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰੀ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਸਮਾਗਮ ਦੌਰਾਨ ਨਵੇਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੇ ਅਧਿਕਾਰਾਂ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਤੋਂ ਪਹਿਲਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਕੌਂਡਲ ਨੇ ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਭੂਮਿਕਾ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਬੜੀ ਅਹਿਮ ਹੈ।

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਨਵੇਂ ਚੁਣੇ ਗਏ ਮੈਂਬਰ ਆਦਿ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top