ਨੰਗਲ ਸ਼ਾਮਾ ਵਿਖੇ 58 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਡਾਗ ਸ਼ੈਲਟਰ

ਕਰਤਾਰਪੁਰ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਗਊਸ਼ਾਲਾ ਦਾ ਵੀ ਨਿਰਮਾਣ, ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਹੋਵੇਗਾ ਹੱਲ

ਜਲੰਧਰ, 28 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼ਹਿਰੀ ਜਨਤਕ ਸੁਰੱਖਿਆ ਅਤੇ ਜਾਨਵਰਾਂ ਦੀ ਭਲਾਈ ਨੂੰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਚੁੱਕਦੇ ਹੋਏ ਨੰਗਲ ਸ਼ਾਮਾ ਵਿਖੇ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਡਾਗ ਸ਼ੈਲਟਰ ਬਣਨ ਜਾ ਰਿਹਾ ਹੈ।

ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼, ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਅਤੇ ਐਨੀਮਲ ਬਰਥ ਕੰਟਰੋਲ ਰੂਲਜ਼ 2023 ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਡਾਗ ਸ਼ੈਲਟਰ ਦਾ ਕੰਮ 31 ਮਾਰਚ 2026 ਤੋਂ ਪਹਿਲਾਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਡਾਗ ਸ਼ੈਲਟਰ ਦੀ ਸਥਾਪਨਾ ਨਾਲ ਕੁੱਤਿਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਘਟਾਉਣ ਅਤੇ ਆਵਾਰਾ ਕੁੱਤਿਆਂ ਲਈ ਢੁੱਕਵੀਂ ਡਾਕਟਰੀ ਦੇਖ਼ਭਾਲ ਤੇ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਇਸ ਦੌਰਾਨ ਡਾ. ਅਗਰਵਾਲ ਨੇ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਾਰਡ ਨੰ.10 ਅਤੇ 11 ਵਿੱਚ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫ਼ਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ। ਜਦਕਿ ਵਾਰਡ ਨੰ. 8 ਅਤੇ 9 ਵਿੱਚ ਡਾਗ ਸਟਰਲਾਈਜ਼ੇਸ਼ਨ ਦਾ ਕੰਮ 80 ਫੀਸਦੀ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਇਸ ਸਾਲ ਜਨਵਰੀ ਮਹੀਨੇ ਦੌਰਾਨ ਕਰੀਬ 543 ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀਆਂ ਸੜਕਾਂ ਤੋਂ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤੇ ਜਾਣ ਦੇ ਯਤਨਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਸਾਲ ਜਨਵਰੀ ਮਹੀਨੇ ਦੌਰਾਨ 64 ਬੇਸਹਾਰਾ ਪਸ਼ੂ ਸ਼ਹਿਰ ਦੀਆਂ ਸੜਕਾਂ ਤੋਂ ਗਊਸ਼ਲਾਵਾਂ ਵਿੱਚ ਭੇਜੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਰਤਾਰਪੁਰ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ 300 ਪਸ਼ੂਆਂ ਦੀ ਸਮਰੱਥਾ ਵਾਲੀ ਗਊਸ਼ਾਲਾ ਦਾ ਨਿਰਮਾਣ ਕੀਤਾ ਗਿਆ ਹੈ, ਜਿਸ ਵਿੱਚ 80 ਤੋਂ ਵੱਧ ਬੇਸਹਾਰਾ ਪਸ਼ੂ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਗਊਸ਼ਾਲਾ ਸਦਕਾ ਸ਼ਹਿਰ ਵਿੱਚੋਂ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨੂੰ ਕਾਫੀ ਹੱਦ ਤੱਕ ਹੱਲ ਕਰਨ ਵਿੱਚ ਸਹਾਇਤਾ ਮਿਲੇਗੀ।

ਇਸ ਦੌਰਾਨ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਨਗਰ ਨਿਗਮ ਵੱਲੋਂ ਇਕ ਹੋਰ ਕੈਟਲ ਕੈਚਰ ਵਾਹਨ ਦੀ ਖ਼ਰੀਦ ਕੀਤੀ ਗਈ, ਜਿਸ ਨਾਲ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਤਬਦੀਲ ਕਰਨ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਹਾਈਵੇ ਪੈਟਰੋਲ ਕਮੇਟੀਆਂ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਅਜਿਹੀਆਂ ਥਾਵਾਂ, ਜਿਥੇ ਬੇਸਹਾਰਾ ਪਸ਼ੂਆਂ ਕਾਰਨ ਹਾਦਸੇ ਵਾਪਰਦੇ ਹਨ, ਬਾਰੇ ਵਿਸਥਾਰਥ ਰਿਪੋਰਟ ਦੇਣਗੀਆਂ ਤਾਂ ਜੋ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਦਾ ਮਕਸਦ ਲੋਕਾਂ ਅਤੇ ਬੇਸਹਾਰਾ ਪਸ਼ੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਵਟਸਐਪ ਐਕਸ਼ਨ ਹੈਲਪਲਾਈਨ 9646222555 ’ਤੇ ਬੇਸਹਾਰਾ ਪਸ਼ੂਆਂ ਸਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਜਨਤਾ ਨੂੰ ਬੇਸਹਾਰਾ ਪਸ਼ੂਆਂ ਸਬੰਧੀ ਸੂਚਨਾ ਦੇਣ ਅਤੇ ਇਸ ਸਬੰਧੀ ਸਹਾਇਤਾ ਲਈ ਹੈਲਪਲਾਈਨ ਨੰਬਰ ’ਤੇ ਵਟਸਐਪ ਮੈਸੇਜ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬੇਸਹਾਰਾ ਪਸ਼ੂਆਂ ਨੂੰ ਸੜਕਾਂ ’ਤੇ ਛੱਡਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਗਊਸ਼ਲਾਵਾਂ ਵਿੱਚ ਭੇਜਿਆ ਜਾਵੇ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top