ਜਲੰਧਰ – ਪਿਛਲੇ ਦਿਨੀਂ ਐਨ.ਡਬਲਯੂ.ਐਸ ਦੇ ਡੀਆਈਜੀ ਐਡਮ ਹਰਜਿੰਦਰ ਸਿੰਘ ਨਾਲ ਸੀ.ਆਰ.ਪੀ.ਐੱਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਨੇ ਮੁਲਾਕਾਤ ਕੀਤੀ।
ਡੀਆਈਜੀ ਹਰਜਿੰਦਰ ਸਿੰਘ, ਜੋ ਪਹਿਲਾਂ ਵੀ ਗਰੁੱਪ ਸੈਂਟਰ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ, ਨੇ ਸਭ ਤੋਂ ਪਹਿਲਾਂ ਗਰੁੱਪ ਸੈਂਟਰ ਦਾ ਹਾਲ-ਚਾਲ ਪੁੱਛਿਆ ਅਤੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਪ੍ਰਧਾਨ ਕੰਢੀ ਨੇ ਐਸੋਸੀਏਸ਼ਨ ਵੱਲੋਂ ਸਾਲ ਵਿੱਚ ਦੋ ਵਾਰ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਦੱਸਿਆ, ਜਿਨ੍ਹਾਂ ਵਿੱਚ ਸ਼ਹੀਦ ਜਵਾਨਾਂ ਅਤੇ ਡਿਊਟੀ ਦੌਰਾਨ ਸ਼ਹੀਦ ਹੋਏ ਸੁਰਮਿਆਂ ਦੀ ਯਾਦ ਵਿੱਚ ਸਮਾਗਮ ਕਰਵਾਏ ਜਾਂਦੇ ਹਨ।
ਉਨ੍ਹਾਂ ਨੇ ਸ਼ਹੀਦ ਪਰਿਵਾਰਾਂ ਦੀਆਂ ਬਰਸੀਆਂ ਮੌਕੇ ਡੀਜੀ ਦਫ਼ਤਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ, ਨਵੇਂ ਬੱਚਿਆਂ ਅਤੇ ਵੀਰ ਨਾਰੀਆਂ ਨੂੰ ਭਰਤੀ ਸਬੰਧੀ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਡੀਆਈਜੀ ਨਾਲ ਚਰਚਾ ਕੀਤੀ।
ਡੀਆਈਜੀ ਹਰਜਿੰਦਰ ਸਿੰਘ ਨੇ ਕਿਹਾ ਕਿ ਭਰਤੀਆਂ ਸੀ.ਆਰ.ਪੀ.ਐੱਫ ਦੇ ਨਿਯਮਾਂ ਅਨੁਸਾਰ ਹੀ ਹੁੰਦੀਆਂ ਹਨ, ਪਰ ਜੇ ਕਿਸੇ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਸ ‘ਤੇ ਜ਼ਰੂਰ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਐਕਸਮੈਨ ਅਤੇ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਲੱਭਣ ਲਈ ਯਤਨ ਕੀਤੇ ਜਾਣਗੇ।
ਅਖੀਰ ਵਿੱਚ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਨੇ ਡੀਆਈਜੀ ਹਰਜਿੰਦਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਅੱਜ ਵੀ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਅਤੇ ਸ਼ਹੀਦ ਪਰਿਵਾਰਾਂ ਪ੍ਰਤੀ ਸੰਵੇਦਨਸ਼ੀਲ ਹਨ। ਉਨ੍ਹਾਂ ਡੀਜੀ ਦਫ਼ਤਰ ਵੱਲੋਂ ਜਵਾਨਾਂ ਅਤੇ ਸ਼ਹੀਦ ਪਰਿਵਾਰਾਂ ਲਈ ਕੀਤੇ ਜਾ ਰਹੇ ਨਵੇਂ ਉਪਰਾਲਿਆਂ ਲਈ ਧੰਨਵਾਦ ਕੀਤਾ।

















































