ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਤੇ ਕਾਰੋਬਾਰ ਲਈ ਸਾਜਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ : ਇੰਦਰਵੰਸ਼ ਚੱਢਾ

ਜਲੰਧਰ, 15 ਮਾਰਚ : ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਐਫ਼.ਸੀ.ਟੀ.) ਦੀ ਪਹਿਲ ‘ਤੇ ਜਲੰਧਰ ਕੈਂਟ ਦੇ ਮਿੱਠਾਪੁਰ ਬਾਜ਼ਾਰ ਵਿੱਚ ਵਪਾਰੀਆਂ ਨਾਲ ਇੱਕ ਅਹਿਮ ਇੰਟਰਐਕਟਿਵ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਪਾਰੀਆਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ, ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਸੰਬੰਧਤ ਵਿਭਾਗਾਂ ਨਾਲ ਮਿਲ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਸੀ।

ਮੀਟਿੰਗ ਦੀ ਅਗਵਾਈ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਚੱਢਾ ਵੱਲੋਂ ਕੀਤੀ ਗਈ, ਜਦਕਿ ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨਵਨੀਤ ਜੁਨੇਜਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮਿੱਠਾਪੁਰ ਮਾਰਕੀਟ ਦੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਮੀਟਿੰਗ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਕਾਰੋਬਾਰ ਨਾਲ ਸੰਬੰਧਿਤ ਵੱਖ-ਵੱਖ ਮਸਲੇ ਅਧਿਕਾਰੀਆਂ ਅਤੇ ਕਮਿਸ਼ਨ ਦੇ ਮੈਂਬਰਾਂ ਸਾਹਮਣੇ ਰੱਖੇ।

ਵਪਾਰੀਆਂ ਵੱਲੋਂ ਮਾਰਕੀਟ ਵਿੱਚ ਬੁਨਿਆਦੀ ਸਹੂਲਤਾਂ, ਲਾਇਸੈਂਸਿੰਗ, ਟੈਕਸੇਸ਼ਨ, ਲੇਬਰ ਵਿਭਾਗ ਨਾਲ ਜੁੜੇ ਨਿਯਮਾਂ ਅਤੇ ਉਦਯੋਗ ਵਿਭਾਗ ਨਾਲ ਸੰਬੰਧਿਤ ਮੁੱਦੇ ਰੱਖੇ ਗਏ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਵਪਾਰੀਆਂ ਦੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ।

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਕਾਰੋਬਾਰ ਲਈ ਸਾਜਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਟ੍ਰੇਡਰਜ਼ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਬਣਾਉਣਾ ਹੈ ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।

ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨਵਨੀਤ ਜੁਨੇਜਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਝਾਅ ਅਤੇ ਸਮੱਸਿਆਵਾਂ ਖੁੱਲ੍ਹ ਕੇ ਸਾਹਮਣੇ ਰੱਖਣ ਤਾਂ ਜੋ ਉਨ੍ਹਾਂ ਨੂੰ ਸੰਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਹੱਲ ਕੀਤਾ ਜਾ ਸਕੇ।

ਇਸ ਮੌਕੇ ਐਸ.ਡੀ.ਐਮ- ਜਲੰਧਰ-1 ਨਵਦੀਪ ਸਿੰਘ ਵੀ ਮੌਜੂਦ ਰਹੇ। ਉਨ੍ਹਾਂ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਲੈਂਦਿਆਂ ਸੰਬੰਧਤ ਵਿਭਾਗਾਂ ਰਾਹੀਂ ਜਲਦ ਤੋਂ ਜਲਦ ਉਚਿਤ ਹੱਲ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਵਿੱਚ ਲੇਬਰ ਵਿਭਾਗ, ਉਦਯੋਗ ਵਿਭਾਗ ਅਤੇ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਵਾਰਡ ਇੰਚਾਰਜ ਪ੍ਰਿੰਸ ਬੱਗਾ, ਕਮਿਸ਼ਨ ਦੇ ਮੈਂਬਰ ਹਰਜੀਤ ਸਿੰਘ, ਹਰਨੀਤ ਮਧੋਕ, ਆਂਚਲ, ਅਨਮੋਲ ਖੰਨਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਮੀਟਿੰਗ ਦੇ ਅਖੀਰ ਵਿੱਚ ਵਪਾਰੀਆਂ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਹੁੰਦੀਆਂ ਰਹਿਣਗੀਆਂ, ਜਿਸ ਨਾਲ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਸੰਵਾਦ ਮਜ਼ਬੂਤ ਹੋਣ ਨਾਲ ਵਪਾਰਕ ਗਤੀਵਿਧੀਆਂ ਹੋਰ ਸੁਚਾਰੂ ਬਣਨਗੀਆਂ।

Leave a Comment

Your email address will not be published. Required fields are marked *

Scroll to Top