ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ 5ਵਾਂ ਬੈਚ ਸਫ਼ਲਤਾਪੂਰਵਕ ਮੁਕੰਮਲ

ਜਲੰਧਰ, 16 ਮਾਰਚ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਚੱਲ ਰਹੇ 5ਵੇਂ ਬੈਚ ਦੀ ਸਮਾਪਤੀ ’ਤੇ 65 ਇੰਟਰਨਜ਼ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਟਰਨਜ਼ ਦੀ ਹੌਸਲਾ ਅਫਜ਼ਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਇੰਟਰਨਸ਼ਿਪ ਸਫ਼ਲਤਾਪੂਰਵਕ ਮੁਕੰਮਲ ਕਰਨ ’ਤੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਵਿੱਚ ਹਾਸਲ ਕੀਤੇ ਤਜ਼ੁਰਬਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਡਾ. ਅਗਰਵਾਲ ਨੇ ਦੱਸਿਆ ਕਿ ਪਬਲਿਕ-ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ/ਵਿਭਾਗਾਂ/ਦਫਤਰਾਂ ਵਿੱਚ 3 ਮਹੀਨੇ ਲਈ ਬਤੌਰ ਇੰਟਰਨ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੇ ਗਿਆਨ ਤੇ ਕੌਸ਼ਲ ਵਿੱਚ ਵਾਧਾ ਕਰਨਾ ਵੀ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਇੰਟਰਨਸ਼ਿਪ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਵਿਭਾਗਾਂ ਦੇ ਕੰਮਕਾਜ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਪਹਿਲਾਂ ਵੀ ਚਾਰ ਬੈਚ ਲਾਏ ਜਾ ਚੁੱਕੇ ਹਨ, ਜਿਸ ਤਹਿਤ ਕਰੀਬ 300 ਵਿਦਿਆਰਥੀ ਇੰਟਰਨਸ਼ਿਪ ਕਰ ਚੁੱਕੇ ਹਨ।

ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੀਲਮ ਮਹੇ, ਯੰਗ ਪ੍ਰੋਫੈਸ਼ਨਲ, ਮਾਡਲ ਕੈਰੀਅਰ ਸੈਂਟਰ, ਜਲੰਧਰ ਤੋਂ ਨਿਰਮਲ ਕੌਰ ਅਤੇ ਜ਼ਿਲ੍ਹਾ ਵਿਕਾਸ ਫੈਲੋ ਕ੍ਰਿਤਿਕਾ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top