ਜਲੰਧਰ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ 25 ਵਿਦਿਆਰਥੀ ਜਾਣਗੇ ਇਸਰੋ

ਜਲੰਧਰ, 18 ਮਾਰਚ : ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 25 ਹੋਣਹਾਰ ਵਿਦਿਆਰਥੀਆਂ ਨੂੰ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਪ੍ਰਮੁੱਖ ਕੇਂਦਰ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਜਾਣ ਦਾ ਮੌਕਾ ਮਿਲਿਆ ਹੈ।

7ਵੀਂ,9ਵੀਂ ਅਤੇ 11ਵੀਂ ਕਲਾਸ ਵਿੱਚ ਪੜ੍ਹਦੇ ਇਨ੍ਹਾਂ ਵਿਦਿਆਰਥੀਆਂ ਵਿੱਚ 15 ਲੜਕੀਆਂ ਅਤੇ 10 ਲੜਕੇ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨ੍ਹਾਂ ਵਿਦਿਆਰਥੀਆਂ ਨਾਲ ਮੁਲਾਕਾਤ ਕਰਦਿਆਂ ਇਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਸੁਨਹਿਰੀ ਮੌਕੇ ਦਾ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਸ ਯਾਤਰਾ ਤੋਂ ਵੱਧ ਤੋਂ ਵੱਧ ਸਿੱਖਣ ਦੀ ਕੋਸ਼ਿਸ਼ ਕਰਨ ਕਿਉਂਕਿ ਇਹ ਮੌਕਾ ਉਨ੍ਹਾਂ ਦੀ ਜ਼ਿੰਦਗੀ ਬਦਲ ਕੇ ਰੱਖ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਨਾ ਸਿਰਫ਼ ਉਨ੍ਹਾਂ ਦੀ ਪੜ੍ਹਾਈ ਲਈ ਲਾਹੇਵੰਦ ਹੋਵੇਗੀ ਸਗੋਂ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਵੀ ਦੇ ਸਕਦੀ ਹੈ।

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੇ ਨਿਰਮਾਣ ਵਿੱਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਸਰੋ ਵਰਗੀਆਂ ਸੰਸਥਾਵਾਂ ਦੇ ਦੌਰੇ ਨਾਲ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਵਧੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਇਸਰੋ ਦੇ ਸਾਂਝੇ ਯਤਨਾਂ ਸਦਕਾ ਪਹਿਲਾਂ ਬਲਾਕ ਪੱਧਰ ’ਤੇ ਕੁਇੱਜ਼ ਮੁਕਾਬਲੇ ਕਰਵਾਏ ਗਏ ਸਨ, ਜਿਨ੍ਹਾਂ ਵਿੱਚ ਜਿੱਤਣ ਵਾਲੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰ ’ਤੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪੱਧਰ ’ਤੇ ਜੇਤੂ ਰਹੇ 25 ਵਿਦਿਆਰਥੀਆਂ ਨੂੰ ਆਪਣੀ ਮਿਹਨਤ ਤੇ ਪ੍ਰਤਿਭਾ ਸਦਕਾ ਇਸਰੋ ਜਾਣ ਦਾ ਮੌਕਾ ਮਿਲ ਰਿਹਾ ਹੈ।

ਵਿਦਿਆਰਥੀਆਂ ਨੇ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਯਾਤਰਾ ਦੌਰਾਨ ਵੱਧ ਤੋਂ ਵੱਧ ਸਿੱਖਣ ਦੀ ਕੋਸ਼ਿਸ਼ ਕਰਨਗੇ।

Leave a Comment

Your email address will not be published. Required fields are marked *

Scroll to Top