ਰੰਧਾਵਾ ਵੱਲੋਂ ਆਤਮ ਹੱਤਿਆ ਮਾਮਲਾ, ਪੀੜਤ ਨੂੰ ਇਨਸਾਫ ਮਿਲਣਾ ਚਾਹੀਦਾ ਹੈ: ਵੜਿੰਗ

ਚੰਡੀਗੜ੍ਹ, 21 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੇਅਰਹਾਊਸ ਕਾਰਪੋਰੇਸ਼ਨ ਦੇ ਜਿਲ੍ਹਾ ਮੈਨੇਜਰ ਡਾ. ਗਗਨ ਰੰਧਾਵਾ ਵੱਲੋਂ ਆਤਮ ਹੱਤਿਆ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜਤਾਈ ਹੈ ਅਤੇ ਪੀੜਤ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।

ਇਸ ਦੌਰਾਨ ਸੰਬੰਧਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਬਾਰੇ ਗੱਲ ਕਰਦਿਆਂ, ਵੜਿੰਗ ਨੇ ਕਿਹਾ ਕਿ ਇਹ ਮਾਮਲਾ ਸੁਤੰਤਰ ਤੌਰ ‘ਤੇ ਜਾਂਚਿਆ ਜਾਣਾ ਚਾਹੀਦਾ ਹੈ ਕਿ ਕਿਸ ਕਾਰਨ ਅਤੇ ਕਿਵੇਂ ਇੱਕ ਅਫ਼ਸਰ ਨੂੰ ਇੰਨਾ ਕਠੋਰ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਭੁੱਲਰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਪ੍ਰਭਾਵਸ਼ਾਲੀ ਆਗੂ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਕੀਤੀ ਗਈ ਜਾਂਚ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਿਰਫ ਇਨਸਾਫ਼ ਹੀ ਨਹੀਂ ਹੋਣਾ ਚਾਹੀਦਾ, ਬਲਕਿ ਇਸ ਦੌਰਾਨ ਪਾਰਦਰਸ਼ਤਾ ਅਤੇ ਨਿਰਪੱਖਤਾ ਵੀ ਸੁਨਿਸ਼ਚਿਤ ਕੀਤੀ ਜਾਣੀ ਚਾਹੀਦੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਨੇ ਆਮ ਆਦਮੀ ਪਾਰਟੀ ਦੀ ਕਥਿਤ “ਭ੍ਰਿਸ਼ਟਾਚਾਰ-ਮੁਕਤ ਸਰਕਾਰ” ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਲੋਕਾਂ ਦੇ ਸਾਹਮਣੇ ਸੱਚ ਲਿਆ ਦਿੱਤਾ ਹੈ ਕਿ ਇਹ ਸਰਕਾਰ ਭ੍ਰਿਸ਼ਟਾਚਾਰ ਦੇ ਦਲਦਲ ਵਿੱਚ ਕਿੰਨੀ ਡੁੱਬੀ ਹੋਈ ਹੈ, ਜਿੱਥੇ ਗਗਨਦੀਪ ਵਰਗੇ ਅਧਿਕਾਰੀਆਂ ਨੂੰ ਆਪਣੀ ਜਾਨ ਦੇ ਕੇ ਕੀਮਤ ਚੁਕਾਉਣੀ ਪੈਂਦੀ ਹੈ।

Leave a Comment

Your email address will not be published. Required fields are marked *

Scroll to Top