ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਵਿਕਾਸ ਤੇ ਖੁਸ਼ਹਾਲੀ ਦਾ ਪ੍ਰਤੀਕ : ਮੋਹਿੰਦਰ ਭਗਤ

ਜਲੰਧਰ, 30 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 57 ਦੀ ਗਰੋਵਰ ਕਲੋਨੀ ਵਿਖੇ ਸਿੱਧੇ ਸੰਵਾਦ ਦੌਰਾਨ ਲੋਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।

ਇਥੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਵਿਕਾਸ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਰੋਜ਼ਗਾਰ, ਇੰਡਸਟਰੀ ਸਮੇਤ ਹੋਰ ਪ੍ਰਮੁੱਖ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਸੂਬੇ ਦੇ ਵਿਕਾਸ ਨੂੰ ਤੇਜ਼ ਰਫ਼ਤਾਰ ਦਿੱਤੀ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਉਥੇ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ, 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਰਗੇ ਇਤਿਹਾਸਕ ਕਦਮ ਚੁੱਕੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਨਸ਼ੇ ‘ਤੇ ְਨਿਰਭਰ ਵਿਅਕਤੀਆਂ ਨੂੰ ਮੁੜ ਸਮਾਜ ਨਾਲ ਜੋੜਨ ਲਈ ਉਨ੍ਹਾਂ ਦੇ ਮੁੜ ਵਸੇਬੇ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਹੈ, ਜਿਸ ਤਹਿਤ ਇਸ ਬਜਟ ਵਿੱਚ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top