ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਐਕਸ ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ ਦਾ ਸਤਿਕਾਰ

ਜਲੰਧਰ: ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਪਰਿਵਾਰਾਂ ਦਾ ਵਿਸ਼ੇਸ਼ ਸਤਿਕਾਰ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਵੱਲੋਂ ਉਹਨਾਂ ਪਰਿਵਾਰਾਂ ਦੀ ਸੰਭਾਲ ਅਤੇ ਸਹਾਇਤਾ ਲਈ ਖਾਸ ਧਿਆਨ ਦਿੱਤਾ ਜਾਂਦਾ ਹੈ, ਜਿਨ੍ਹਾਂ ਦੇ ਸਦੱਸ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਹਨ। ਸਾਲ ਵਿੱਚ ਦੋ ਵਾਰ ਇਨ੍ਹਾਂ ਪਰਿਵਾਰਾਂ ਨੂੰ ਮਾਨ-ਸਨਮਾਨ ਦੇ ਕੇ ਹੌਸਲਾ ਅਫਜ਼ਾਈ ਕੀਤੀ ਜਾਂਦੀ ਹੈ।

ਐਸੋਸੀਏਸ਼ਨ ਵੱਲੋਂ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਦਾ ਵੀ ਖ਼ਾਸ ਤੌਰ ‘ਤੇ ਸਤਿਕਾਰ ਕੀਤਾ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਜਲੰਧਰ ਦੇ ਰਾਮਾ ਮੰਡੀ ਹਲਕੇ ਨਾਲ ਸੰਬੰਧਤ ਐਕਸ ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ ਨੂੰ ਵੀ ਸਨਮਾਨਿਤ ਕੀਤਾ ਗਿਆ।

ਸ਼ਮਸ਼ੇਰ ਸਿੰਘ ਖਹਿਰਾ ਹਮੇਸ਼ਾ ਸੀਆਰਪੀਐਫ ਦੇ ਪ੍ਰੋਗਰਾਮਾਂ ਵਿੱਚ ਆਪਣੀ ਹਾਜ਼ਰੀ ਲਗਵਾਉਂਦੇ ਹਨ ਅਤੇ ਸ਼ਹੀਦ ਪਰਿਵਾਰਾਂ ਤੇ ਉਨ੍ਹਾਂ ਦੇ ਬੱਚਿਆਂ ਨਾਲ ਮਿਲ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕਰਦੇ ਹਨ। ਉਹ ਕਾਫੀ ਸਮੇਂ ਤੋਂ ਐਸੋਸੀਏਸ਼ਨ ਨਾਲ ਜੁੜੇ ਹੋਏ ਹਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੈ।


ਉਹ ਰਾਮਾ ਮੰਡੀ ਹਲਕੇ ਦੇ ਨੌਜਵਾਨ ਤੇ ਸਰਗਰਮ ਸਮਾਜ ਸੇਵਕਾਂ ਵਿੱਚੋਂ ਇੱਕ ਹਨ ਅਤੇ ਸਭ ਤੋਂ ਘੱਟ ਉਮਰ ਵਿੱਚ ਕੌਂਸਲਰ ਬਣਨ ਦਾ ਮਾਣ ਵੀ ਹਾਸਲ ਕਰ ਚੁੱਕੇ ਹਨ। ਆਪਣੇ ਵਾਰਡ ਵਿੱਚ ਵਿਕਾਸ ਕਾਰਜਾਂ ਲਈ ਉਹ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਲੋਕ ਭਲਾਈ ਦੇ ਕੰਮ ਕਰਵਾਉਂਦੇ ਰਹਿੰਦੇ ਹਨ।

ਐਸੋਸੀਏਸ਼ਨ ਵੱਲੋਂ ਦੱਸਿਆ ਗਿਆ ਕਿ ਜਦੋਂ ਵੀ ਕਿਸੇ ਪ੍ਰੋਗਰਾਮ ਦੀ ਜਾਣਕਾਰੀ ਸ਼ਮਸ਼ੇਰ ਸਿੰਘ ਖਹਿਰਾ ਨੂੰ ਦਿੱਤੀ ਜਾਂਦੀ ਹੈ, ਉਹ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ। ਉਹ ਇੱਕ ਨੇਕ ਦਿਲ ਅਤੇ ਦਾਨੀ ਪਰਿਵਾਰ ਨਾਲ ਸੰਬੰਧਤ ਹਨ, ਜੋ ਸਮਾਜਕ ਭਲਾਈ ਲਈ ਹਮੇਸ਼ਾ ਤਿਆਰ ਰਹਿੰਦੇ ਹਨ।

ਐਸੋਸੀਏਸ਼ਨ ਨੇ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਅਜਿਹੇ ਦਾਨੀ ਸੱਜਣਾਂ ਦੀ ਅਭਾਰੀ ਰਹੇਗੀ, ਜੋ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਗਰੁੱਪ ਸੈਂਟਰ ਜਲੰਧਰ ਵਿਖੇ ਪਹੁੰਚਦੇ ਹਨ ਅਤੇ ਸ਼ਹੀਦ ਪਰਿਵਾਰਾਂ ਨਾਲ ਮਿਲਦੇ ਹਨ।

ਅੰਤ ਵਿੱਚ ਐਸੋਸੀਏਸ਼ਨ ਵੱਲੋਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਅਜਿਹੇ ਦਾਨੀ ਸੱਜਣਾਂ ਦੇ ਪਰਿਵਾਰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਤਰੱਕੀ ਕਰਦੇ ਰਹਿਣ।

ਜੈ ਹਿੰਦ।

Leave a Comment

Your email address will not be published. Required fields are marked *

Scroll to Top