ਜਲੰਧਰ, 5 ਮਈ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਅੱਜ ਪੇਂਡੂ ਵਿਕਾਸ ਅਤੇ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ (ਰੂਡਸੈਟੀ) ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਪਿੰਡਾਂ ਦੇ ਗਰੀਬ ਵਰਗ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ ਅਤੇ ਸਵੈ ਰੋਜ਼ਗਾਰ ਟ੍ਰੇਨਿੰਗ ਮੁਹੱਈਆ ਕਰਵਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕੀਤਾ ਜਾ ਸਕੇ।
ਇਥੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਨਾਲ ਸਬੰਧਤ ਗਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਹੁਨਰ ਵਿਕਾਸ ਅਤੇ ਸਵੈ-ਰੋਜ਼ਗਾਰ ਟ੍ਰੇਨਿੰਗ ਪ੍ਰੋਗਰਾਮਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤਾਂ ਜੋ ਅਜਿਹੇ ਨੌਜਵਾਨਾਂ ਨੂੰ ਸਿਖ਼ਲਾਈ ਪ੍ਰਦਾਨ ਕਰਕੇ ਉਨ੍ਹਾਂ ਲਈ ਰੋਜ਼ਗਾਰ/ਸਵੈ ਰੋਜ਼ਗਾਰ ਦੇ ਰਾਹ ਖੋਲ੍ਹੇ ਜਾ ਸਕਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੰਸਥਾ ਵੱਲੋਂ ਚਲਾਏ ਜਾਂਦੇ ਟ੍ਰੇਨਿੰਗ ਪ੍ਰੋਗਰਾਮਾਂ ਬਾਰੇ ਵੱਡੇ ਪੱਧਰ ‘ਤੇ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਨੌਜਵਾਨ ਸਿਖ਼ਲਾਈ ਦਾ ਲਾਭ ਲੈ ਸਕਣ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਇਕ ਸਾਲ (1 ਅਪ੍ਰੈਲ 2025 ਤੋਂ 31 ਮਾਰਚ 2026) ਦੌਰਾਨ ਸੰਸਥਾ ਵੱਲੋਂ 30 ਟ੍ਰੇਨਿੰਗ ਪ੍ਰੋਗਰਾਮ ਚਲਾਏ ਗਏ, ਜਿਨ੍ਹਾਂ ਵਿੱਚ 748 ਉਮੀਦਵਾਰਾਂ ਨੂੰ ਸਿਖ਼ਲਾਈ ਪ੍ਰਦਾਨ ਕੀਤੀ ਗਈ।
ਉਨ੍ਹਾਂ ਸਾਲ 2026-27 ਦੀ ਸਲਾਨਾ ਕਾਰਜ ਯੋਜਨਾ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੰਸਥਾ ਵੱਲੋਂ ਮੈਨਜ਼ ਪਾਰਲਰ ਸੈਲੂਨ, ਪਲੰਬਰਿੰਗ, ਟੇਲਰਿੰਗ, ਰੈਫਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਮੇਤ ਵੱਖ-ਵੱਖ ਕੋਰਸਾਂ ਤਹਿਤ 39 ਬੈਚ ਚਲਾਏ ਜਾਣਗੇ, ਜਿਨ੍ਹਾਂ ਵਿੱਚ ਕਰੀਬ 1000 ਉਮੀਦਵਾਰਾਂ ਨੂੰ ਸਿਖ਼ਲਾਈ ਪ੍ਰਦਾਨ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੰਸਥਾ ਲਈ ਜ਼ਮੀਨ ਅਲਾਟਮੈਂਟ, ਟ੍ਰੇਨਿੰਗ ਪ੍ਰਾਪਤ ਉਮੀਦਵਾਰਾਂ ਦੀ ਕ੍ਰੈਡਿਟ ਲਿੰਕੇਜ, ਲੋਨ ਡਿਸਬਰਸਮੈਂਟ ਵਿੱਚ ਸੁਧਾਰ ਅਤੇ ਬੈਂਕਾਂ ਅਤੇ ਏਜੰਸੀਆਂ ਵਿਚਕਾਰ ਤਾਲਮੇਲ ਮਜ਼ਬੂਤ ਕਰਨ ‘ਤੇ ਵੀ ਵਿਚਾਰ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।
ਮੀਟਿੰਗ ਵਿੱਚ ਡਾਇਰੈਕਟਰ ਰੂਡਸੈਟੀ ਸੰਜੀਵ ਕੁਮਾਰ ਚੌਹਾਨ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਨਰੇਸ਼ ਕੁਮਾਰ, ਫੰਕਸ਼ਨਲ ਮੈਨੇਜਰ ਜੀ.ਐਮ. ਡੀ.ਆਈ.ਸੀ. ਗੁਰਮਜੋਤ ਕੌਰ, ਐਲ.ਡੀ.ਐਮ. ਐਮ.ਐਸ. ਮੋਤੀ, ਡੀ.ਐਮ. ਨਾਬਾਰਡ ਸਵਿਤਾ, ਡੀ.ਐਮ.ਐਫ. ਕੋਮਲ, ਡੀ.ਪੀ.ਐਮ. ਸੁਖਵੰਤ ਕੌਰ, ਸਕੱਤਰ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸੁਰਜੀਤ ਲਾਲ, ਅਕਸ਼ਤ ਜੈਨ ਸੀਨੀਅਰ ਮੈਨੇਜਰ ਕੈਨਰਾ ਬੈਂਕ, ਡੀ.ਐਮ. ਐਸ.ਸੀ.ਐਫ.ਸੀ. ਮੰਜੂ ਆਦਿ ਵੀ ਮੌਜੂਦ ਸਨ।

















































