ਰਾਜ ਸਭਾ ਮੈਂਬਰ ਨੇ ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਠੋਸ ਨੀਤੀ ਅਪਨਾਉਣ ’ਤੇ ਦਿੱਤਾ ਜ਼ੋਰ

ਜਲੰਧਰ, 8 ਮਈ : ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਕਾਲਾ ਸੰਘਿਆ ਤੇ ਜਮਸ਼ੇਰ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਠੋਸ ਨੀਤੀ ਅਪਨਾਉਣ ’ਤੇ ਜ਼ੋਰ ਦਿੱਤਾ।

ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਨਗਰ ਨਿਗਮ ਜਲੰਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨਾਂ ਵਿੱਚ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ, ਤਾਂ ਜੋ ਇਨ੍ਹਾਂ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਕਰਕੇ ਇਨ੍ਹਾਂ ਵਿੱਚ ਸਾਫ਼ ਪਾਣੀ ਵਗਣਾ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵੀ ਮੌਜੂਦ ਸਨ।

ਸੰਤ ਸੀਚੇਵਾਲ ਨੇ ਕਿਹਾ ਕਿ ਕੁਦਰਤੀ ਸਰੋਤਾਂ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨਾਂ ਨੂੰ ਪ੍ਰਦੂਸ਼ਿਤ ਕਰਦਾ ਪਾਏ ਜਾਣ ’ਤੇ ਜ਼ਿੰਮੇਵਾਰ ਖਿਲਾਫ਼ ਨਿਯਮਾਂ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਾਸੋਂ ਐਸ.ਟੀ.ਪੀਜ਼ ਦੀ ਨਿਯਮਿਤ ਚੈਕਿੰਗ ਅਤੇ ਸੈਂਪਲਿੰਗ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟਾ ਦੇ ਸੰਚਾਲਨ ’ਤੇ ਨੇੜਿਓਂ ਨਜ਼ਰ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਦੇ ਸੰਚਾਲਨ ਦੌਰਾਨ ਵਾਤਾਵਰਣ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਹੋਵੇ।

ਰਾਜ ਸਭਾ ਮੈਂਬਰ ਨੇ ਕਾਲਾ ਸੰਘਿਆ ਡਰੇਨ ਵਿੱਚ ਸਾਫ਼ ਪਾਣੀ ਛੱਡੇ ਜਾਣ ਦਾ ਵੀ ਜਾਇਜ਼ਾ ਲਿਆ ਅਤੇ ਨਿਰਮਾਣ ਕਾਰਜਾਂ ਕਰਕੇ ਬੰਦ ਪਿਆ ਪਾਣੀ ਜਲਦ ਤੋਂ ਜਲਦ ਛੱਡਣ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਜਮਸ਼ੇਰ ਵਿਖੇ ਸੀ.ਬੀ.ਜ਼ੀ. ਪਲਾਂਟ ਅਤੇ ਵਰਿਆਣਾ ਵਿਖੇ ਬਾਇਓ-ਮਾਈਨਿੰਗ ਪ੍ਰਾਜੈਕਟ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਜਲੰਧਰ ਨਗਰ ਨਿਗਮ ਨੂੰ ਗਾਈਡਲਾਈਨਜ਼ ਅਨੁਸਾਰ ਪਾਣੀ ਦੀ ਸਪਲਾਈ ਕਰਨ ਦੀ ਹਦਾਇਤ ਕੀਤੀ ਕਿਉਂਕਿ ਪਾਣੀ ਦੀ ਜ਼ਿਆਦਾ ਸਪਲਾਈ ਐਸ.ਟੀ.ਪੀਜ਼. ਅਤੇ ਡਰੇਨ ਦੇ ਕੰਮਕਾਜ ਵਿੱਚ ਰੁਕਾਵਟ ਪਾ ਸਕਦੀ ਹੈ।

ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦੀ ਵਚਤਬੱਧਤਾ ਦੁਹਰਾਉਂਦਿਆਂ ਰਾਜ ਸਭਾ ਮੈਂਬਰ ਨੇ ਕਿਹਾ ਕਿ ਇਸ ਪ੍ਰਤੀ ਆਮ ਲੋਕਾਂ ਨੂੰ ਵੀ ਵੱਡੇ ਪੱਧਰ ’ਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਸਹਿਯੋਗ ਨਾਲ ਇਸ ਕੁਦਰਤੀ ਖਜ਼ਾਨੇ ਦੀ ਉਚਿਤ ਸੰਭਾਲ ਯਕੀਨੀ ਬਣਾਈ ਜਾ ਸਕੇ।

ਸੰਤ ਸੀਚੇਵਾਲ ਨੇ ਡਰੇਨਾਂ ਅਤੇ ਚਿੱਟੀ ਵੇਈਂ ਦੀ ਸਫਾਈ ਦੇ ਨਾਲ-ਨਾਲ ਬਰਸਾਤ ਦੇ ਸੀਜ਼ਨ ਤੋਂ ਪਹਿਲਾਂ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਕੰਮ ਤਰਜੀਹ ਦੇ ਆਧਾਰ ’ਤੇ ਕਰਵਾਏ ਜਾਣ। ਉਨ੍ਹਾਂ ਨੈਸ਼ਨਲ ਹਾਈਵੇ ਕਾਲੀਆ ਕਲੋਨੀ ਨੇੜੇ ਪੁਲੀ ਦੇ ਸਥਾਈ ਹੱਲ ਤੱਕ ਡਰੇਨ ਦੇ ਕੰਢੇ ਉੱਚੇ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਡਰੇਨਾ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਖ਼ਤ ਨਿਗਰਾਨੀ ਦੇ ਨਾਲ-ਨਾਲ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਿਤ ਕਰਨ ਦੇ ਜ਼ਿੰਮੇਵਾਰਾਂ ਖਿਲਾਫ਼ ਕਰੜੀ ਕਾਰਵਾਈ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਵਿਭਾਗਾਂ ਨੂੰ ਡਰੇਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਆਪਸੀ ਤਾਲਮੇਲ ਵਾਲੀ ਪਹੁੰਚ ਅਪਣਾਉਣ ਦੀ ਹਦਾਇਤ ਕੀਤੀ ਅਤੇ ਨਾਲ ਹੀ ਇਹ ਵੀ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕਮਿਸ਼ਨਰ ਨਗਰ ਨਿਗਮ ਨੇ ਜਾਣੂ ਕਰਵਾਇਆ ਕਿ ਵਰਿਆਣਾ ਵਿਖੇ 8 ਲੱਖ ਮੀਟ੍ਰਿਕ ਟਨ ਕੂੜੇ ਦੇ ਨਿਪਟਾਰੇ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਕੰਮ ਦੀ ਗਤੀ ਦੁੱਗਣੀ ਕਰਨ ਲਈ ਜਲਦ ਹੀ ਹੋਰ ਮਸ਼ੀਨਰੀ ਲਗਾਈ ਜਾ ਰਹੀ ਹੈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਸਮੂਹ ਐਸ.ਡੀ.ਐਮਜ਼, ਡਰੇਨੇਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਬੋਰਡ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top