ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਦੀ ਪਾਲਣਾ ਕੀਤੀ ਜਾਵੇ : ਡਿਪਟੀ ਕਮਿਸ਼ਨਰ

ਜਲੰਧਰ, 20 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 18 ਤੋਂ 24 ਮਈ ਤੱਕ ‘ਹੀਟ ਵੇਵ’ (ਲੂ) ਚੱਲਣ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਵਿਸ਼ੇਸ਼ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀ ਸਾਵਧਾਨੀਆਂ ਵਰਤਕੇ ਹੀ ਹੀਟ ਵੇਵ ਤੋਂ ਬਚਾਅ ਕਰ ਸਕਦੇ ਹਨ।

ਸ਼੍ਰੀ ਵਾਲੀਆ ਨੇ ਕਿਹਾ ਕਿ ਤੇਜ਼ ਧੁੱਪ ਅਤੇ ਗਰਮ ਹਵਾਵਾਂ ਮਨੁੱਖੀ ਸਿਹਤ ਲਈ ਨੁਕਸਾਨਦੇਹ ਸਾਬਤ ਹੋ ਸਕਦੀਆਂ ਹਨ, ਇਸ ਲਈ ਲੋਕਾਂ ਨੂੰ ਦੁਪਹਿਰ ਸਮੇਂ ਬੇਲੋੜਾ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਪਹਿਰ ਵੇਲੇ ਬਾਹਰ ਨਿਕਲਣਾ ਬਹੁਤ ਜ਼ਰੂਰੀ ਹੋਵੇ, ਤਾਂ ਸਿਰ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣ ਨੂੰ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਸਿਰ ਨੂੰ ਸਿੱਧੀ ਧੁੱਪ ਤੋਂ ਬਚਾਉਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਉਨ੍ਹਾਂ ਕਿਹਾ ਕਿ ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਥੋੜ੍ਹੀ ਦੇਰ ਬਾਅਦ ਛਾਂ ਵਿੱਚ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ।

ਸ਼੍ਰੀ ਵਾਲੀਆ ਨੇ ਕਿਹਾ ਕਿ ਹੀਟ ਸਟ੍ਰੋਕ ਦੇ ਲੱਛਣ ਦਿਸਣ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਰੋਕਣ ਲਈ ਵੱਧ ਤੋਂ ਵੱਧ ਪਾਣੀ ਅਤੇ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਓਆਰਐਸ, ਨਿੰਬੂ-ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਗਰਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਤੁਰੰਤ ਇਲਾਜ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ. ਅਤੇ ਜ਼ਰੂਰੀ ਦਵਾਈਆਂ ਸਮੇਤ ਲੋੜੀਂਦੇ
ਪ੍ਰਬੰਧ ਯਕੀਨੀ ਬਣਾਏ ਜਾਣ।

Leave a Comment

Your email address will not be published. Required fields are marked *

Scroll to Top