ਜਲੰਧਰ, 24 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਵੋਟਾਂ 26 ਮਈ 2026 ਨੂੰ ਪੈਣਗੀਆਂ।
ਉਨ੍ਹਾਂ ਦੱਸਿਆ ਕਿ ਵੋਟਾਂ ਲਈ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਵੋਟਰ ਫੋਟੋ ਸ਼ਨਾਖਤੀ ਕਾਰਡ ਤੋਂ ਇਲਾਵਾ 15 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਸ਼ਨਾਖਤੀ ਕਾਰਡ ਨਹੀਂ ਹੈ ਪਰ ਵਾਰਡ ਵਾਈਜ਼ ਵੋਟਰ ਸੂਚੀ ਵਿੱਚ ਨਾਮ ਦਰਜ ਹੈ, ਉਹ ਬਦਲਵੇਂ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਸਤਾਵੇਜ਼ਾਂ ਵਿੱਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ ਸਮੇਤ ਫੋਟੋ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਹਥਿਆਰ ਲਾਇਸੈਂਸ ਸਮੇਤ ਫੋਟੋ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਫਰੀਡਮ ਫਾਈਟਰ ਪਹਿਚਾਣ ਕਾਰਡ ਸਮੇਤ ਫੋਟੋ, ਕਿਸੇ ਵੀ ਬੈਂਕ/ਡਾਕਖਾਨੇ ਵਲੋਂ ਜਾਰੀ ਪਾਸ ਬੁੱਕ ਫੋਟੋ ਸਮੇਤ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਇਨਸ਼ੋਰੈਂਸ ਸਮਾਰਟ ਕਾਰਡ, ਐਮ.ਪੀਜ਼ ਅਤੇ ਐਮ.ਐਲ.ਏਜ਼ ਨੂੰ ਜਾਰੀ ਆਫੀਸ਼ੀਅਲ ਪਹਿਚਾਣ ਕਾਰਡ, ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰੀ/ਰਾਜ ਸਰਕਾਰ/ਪੀ.ਐਸ.ਯੂਜ਼./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਸਰਵਿਸ ਪਹਿਚਾਣ ਕਾਰਡ ਸਮੇਤ ਫੋਟੋ ਅਤੇ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਨੂੰ ਜਾਰੀ ਫੋਟੋ ਪਹਿਚਾਣ ਕਾਰਡ ਸ਼ਾਮਲ ਹਨ।
ਸ਼੍ਰੀ ਵਾਲੀਆ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਏ ਗਏ ਹਨ। ਉਨ੍ਹਾਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਵਧ-ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਜ਼ਿਕਰਯੋਗ ਹੈ ਕਿ 26 ਮਈ ਨੂੰ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਨਗਰ ਕੌਂਸਲ ਫਿਲੌਰ ਅਤੇ 2 ਨਗਰ ਪੰਚਾਇਤਾਂ ਮਹਿਤਪੁਰ ਤੇ ਲੋਹੀਆਂ ਖਾਸ ਦੇ ਕੁੱਲ 99 ਵਾਰਡਾਂ ਲਈ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।

















































