ਫਿਲੌਰ (ਜਲੰਧਰ), 30 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਫਿਲੌਰ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਦੇ ਸਮੂਹ ਭਾਈਚਾਰਿਆਂ ਦੇ ਲੋਕਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਸੁਣੀਆਂ ਅਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਚੇਅਰਮੈਨ ਸ਼੍ਰੀ ਗੜ੍ਹੀ ਨੇ ਕਿਹਾ ਕਿ ਇਹ ਦੌਰਾ ਸਮੁੱਚੇ ਭਾਈਚਾਰਿਆਂ ਦੇ ਹਿੱਤ ਵਿੱਚ ਕੀਤਾ ਗਿਆ ਹੈ ਤਾਂ ਜੋ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਕੀਤਾ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਐਸ.ਸੀ. ਕਮਿਸ਼ਨ ਅਨੁਸੂਚਿਤ ਜਾਤੀ ਭਾਈਚਾਰੇ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲੇ, ਇਸ ਦੇ ਲਈ ਕਮਿਸ਼ਨ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਸ਼੍ਰੀ ਗੜ੍ਹੀ ਨੇ ਅੱਜ ਆਪਣੇ ਫਿਲੌਰ ਇਲਾਕੇ ਦੇ ਦੌਰੇ ਦੌਰਾਨ ਬੜਾ ਪਿੰਡ, ਪੱਦੀ ਖਾਲਸਾ, ਚੱਕ ਸਾਬੂ, ਬੰਡਾਲਾ ਮੰਜਕੀ, ਬੀੜ ਬੰਸੀਆਂ ਅਤੇ ਅੱਟਾ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਪਿੰਡਾਂ ਦੇ ਸਮੂਹ ਭਾਈਚਾਰਿਆਂ ਦੀਆਂ ਮੁਸ਼ਕਲਾਂ ਦੀ ਸੁਣਵਾਈ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਢੁੱਕਵਾਂ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਵਿਕਾਸ ਦੀ ਵਚਨਬੱਧਤਾ ਵੀ ਦੁਹਰਾਈ।
ਸ਼੍ਰੀ ਗੜ੍ਹੀ ਨੇ ਪਿੰਡ ਅੱਪਰਾ ਸਥਿਤ ਡੇਰਾ ਸੰਤ ਟਹਿਲ ਦਾਸ ਜੀ ਵਿਖੇ ਨਤਮਸਤਕ ਹੋ ਕੇ ਗੱਦੀਨਸ਼ੀਨ ਸੰਤ ਆਤਮਾ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਪਰੰਤ ਸ਼੍ਰੀ ਗੜ੍ਹੀ ਪਿੰਡ ਰੁੜਕਾ ਵਿਖੇ ਧਰਮ ਅਸਥਾਨ ਬਾਬਾ ਚਿੰਤਾ ਭਗਤ ਜੀ ਵਿਖੇ ਨਤਮਸਤਕ ਹੋਏ।
ਚੇਅਰਮੈਨ ਵੱਲੋਂ ਪਿੰਡ ਬੁੰਡਾਲਾ ਮਾਂਝਕੀ ਦਾ ਦੌਰਾ ਵੀ ਕੀਤਾ ਗਿਆ, ਜਿਥੇ ਉਨ੍ਹਾਂ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਾਰਲਿਆਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਜਿਥੇ ਪਿੰਡਾਂ ਦੇ ਖੇਡ ਮੈਦਾਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉਥੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ।

















































