ਇਨਪੁਟ ਡੀਲਰਾਂ ਤੇ ਸਹਿਕਾਰੀ ਸਭਾਵਾਂ ਨੂੰ ਟਿਕਾਊ ਖੇਤੀਬਾੜੀ, ਫ਼ਸਲੀ ਵਿਭਿੰਨਤਾ ਤੇ ਵਿਗਿਆਨਕ ਖੇਤੀ ਤਕਨੀਕਾਂ ਬਾਰੇ ਕਰਵਾਇਆ ਜਾਣੂ

ਜਲੰਧਰ, 8 ਜੂਨ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪ੍ਰਸਾਰ ਸਿੱਖਿਆ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਜਲੰਧਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜਲੰਧਰ ਵੱਲੋਂ ਸਾਂਝੇ ਤੌਰ ‘ਤੇ ‘ਖੇਤ ਬਚਾਓ ਅਭਿਆਨ’ ਤਹਿਤ ਇਨਪੁਟ ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ਦਾ ਉਦੇਸ਼ ਇਨਪੁਟ ਡੀਲਰਾਂ ਅਤੇ ਸਹਿਕਾਰੀ ਸਭਾਵਾਂ ਨੂੰ ਟਿਕਾਊ ਖੇਤੀਬਾੜੀ, ਫ਼ਸਲੀ ਵਿਭਿੰਨਤਾ ਅਤੇ ਵਿਗਿਆਨਕ ਖੇਤੀ ਤਕਨੀਕਾਂ ਬਾਰੇ ਜਾਣੂ ਕਰਵਾਉਣਾ ਸੀ ਤਾਂ ਜੋ ਉਹ ਕਿਸਾਨਾਂ ਤੱਕ ਸਹੀ ਜਾਣਕਾਰੀ ਪਹੁੰਚਾ ਸਕਣ।

ਪ੍ਰੋਗਰਾਮ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਡਾ. ਜਸਵਿੰਦਰ ਸਿੰਘ ਨੇ ‘ਖੇਤ ਬਚਾਓ ਅਭਿਆਨ’ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨਪੁਟ ਡੀਲਰ ਅਤੇ ਸਹਿਕਾਰੀ ਸਭਾਵਾਂ ਕਿਸਾਨਾਂ ਤੱਕ ਖੇਤੀਬਾੜੀ ਦੀਆਂ ਨਵੀਆਂ ਸਿਫ਼ਾਰਸ਼ਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਉਨ੍ਹਾਂ ਨੇ ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਸਮੇਂ ਦੀ ਲੋੜ ਦੱਸਿਆ।



ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਜਲੰਧਰ ਡਾ. ਸੰਜੀਵ ਕੁਮਾਰ ਕਟਾਰੀਆ ਨੇ ਪੰਜਾਬ ਦੀ ਖੇਤੀ ਸਾਹਮਣੇ ਆ ਰਹੀਆਂ ਚੁਣੌਤੀਆਂ ਬਾਰੇ ਚਰਚਾ ਕੀਤੀ ਅਤੇ ਟਿਕਾਊ ਤੇ ਮੌਸਮ ਅਨੁਕੂਲ ਖੇਤੀ ਤਕਨੀਕਾਂ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਨਪੁਟ ਡੀਲਰਾਂ ਨੂੰ ਖੇਤੀ ਵਿਗਿਆਨੀਆਂ ਅਤੇ ਕਿਸਾਨਾਂ ਵਿਚਕਾਰ ਇੱਕ ਪ੍ਰਭਾਵਸ਼ਾਲੀ ਕੜੀ ਵਜੋਂ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਐਸੋਸੀਏਟ ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ. ਜਲੰਧਰ ਡਾ. ਬਲਵੀਰ ਕੌਰ ਨੇ ਬਾਗਬਾਨੀ ਫ਼ਸਲਾਂ ਰਾਹੀਂ ਫ਼ਸਲੀ ਵਿਭਿੰਨਤਾ ਦੇ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫਲ ਅਤੇ ਸਬਜ਼ੀਆਂ ਦੀ ਕਾਸ਼ਤ ਕਿਸਾਨਾਂ ਦੀ ਆਮਦਨ ਵਧਾਉਣ ਲਈ ਇੱਕ ਲਾਭਕਾਰੀ ਵਿਕਲਪ ਹੈ।
ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਡਾ. ਅਨੀਸ਼ ਚੰਦਰ ਨੇ ਮਿਆਰੀ ਬੀਜ ਦੀ ਮਹੱਤਤਾ, ਬੀਜ ਪ੍ਰਮਾਣੀਕਰਨ ਅਤੇ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰਮਾਣਿਤ ਬੀਜ ਵਰਤਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਸਹਾਇਕ ਪ੍ਰੋਫੈਸਰ (ਐਗਰੋਨੋਮੀ), ਕੇ.ਵੀ.ਕੇ. ਜਲੰਧਰ ਡਾ. ਪ੍ਰਭਜੀਤ ਕੌਰ ਨੇ ਫਸਲੀ ਵਿਭਿੰਨਤਾ, ਸੰਤੁਲਿਤ ਖਾਦ ਪ੍ਰਬੰਧਨ ਅਤੇ ਵਿਗਿਆਨਕ ਖੇਤੀ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਦੇ ਹੋਏ ਉਤਪਾਦਕਤਾ ਵਧਾਉਣ ਦੇ ਉਪਾਵਾਂ ‘ਤੇ ਚਰਚਾ ਕੀਤੀ।
ਸਹਾਇਕ ਪ੍ਰੋਫੈਸਰ (ਪੌਦਾ ਰੋਗ ਵਿਗਿਆਨ), ਕੇ.ਵੀ.ਕੇ. ਜਲੰਧਰ ਡਾ. ਹਰਵਿੰਦਰ ਸਿੰਘ ਨੇ ਫਸਲਾਂ ਵਿੱਚ ਰੋਗਾਂ ਦੀ ਪਛਾਣ, ਰੋਕਥਾਮ ਅਤੇ ਇਕਸਾਰ ਰੋਗ ਪ੍ਰਬੰਧਨ (Integrated Disease Management) ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸਿਫ਼ਾਰਸ਼ ਅਨੁਸਾਰ ਵਰਤੋਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਨਪੁਟ ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਮਾਹਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਅਖੀਰ ਵਿੱਚ ਸਾਰੇ ਹਾਜ਼ਰ ਮੈਂਬਰਾਂ ਨੂੰ ‘ਖੇਤ ਬਚਾਓ ਅਭਿਆਨ’ ਦੇ ਉਦੇਸ਼ਾਂ ਨੂੰ ਸਫ਼ਲ ਬਣਾਉਣ ਅਤੇ ਪੰਜਾਬ ਦੀ ਖੇਤੀ ਨੂੰ ਹੋਰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।

Leave a Comment

Your email address will not be published. Required fields are marked *

Scroll to Top