ਸਤਿਗੁਰੂ ਕਬੀਰ ਮਹਾਰਾਜ ਜੀ ਦਾ ਸਮਾਨਤਾ ਤੇ ਭਾਈਚਾਰੇ ਦਾ ਸੰਦੇਸ਼ ਹਮੇਸ਼ਾ ਸਮਾਜ ਦਾ ਮਾਰਗਦਰਸ਼ਨ ਕਰਦਾ ਰਹੇਗਾ : ਮੋਹਿੰਦਰ ਭਗਤ

ਜਲੰਧਰ, 29 ਜੂਨ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਹਮੇਸ਼ਾ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।
ਸਤਿਗੁਰੂ ਕਬੀਰ ਮਹਾਰਾਜ ਜੀ ਦੇ 628ਵੇਂ ਪ੍ਰਕਾਸ਼ ਉਤਸਵ ਮੌਕੇ ਪੰਜਾਬ ਸਰਕਾਰ ਵੱਲੋਂ ਸਤਿਗੁਰੂ ਕਬੀਰ ਮੁੱਖ ਮੰਦਿਰ, ਭਾਰਗਵ ਨਗਰ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਤਿਗੁਰੂ ਕਬੀਰ ਜੀ ਨੇ ਆਪਣਾ ਜੀਵਨ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਅਤੇ ਸੱਚ, ਦਇਆ, ਵਿਸ਼ਵ ਭਾਈਚਾਰੇ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਆਦਰਸ਼ਾਂ ਨੂੰ ਫੈਲਾਉਣ ਲਈ ਸਮਰਪਿਤ ਕਰ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਪਵਿੱਤਰ ਬਾਣੀ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ, ਲੋਕਾਂ ਨੂੰ ਜਾਤ, ਨਸਲ ਅਤੇ ਧਰਮ ਦੀਆਂ ਵਲਗਣਾਂ ਤੋਂ ਉੱਪਰ ਉੱਠਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਮਾਜ ਨੂੰ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਅਤੇ ਇੱਕ ਸਮਾਵੇਸ਼ੀ ਸਮਾਜਿਕ ਵਿਵਸਥਾ ਬਣਾਉਣ ਲਈ ਸਤਿਗੁਰੂ ਕਬੀਰ ਜੀ ਦੇ ਸਮਾਨਤਾ ਅਤੇ ਆਪਸੀ ਸਤਿਕਾਰ ਦੇ ਫਲਸਫੇ ਨੂੰ ਅਪਣਾਉਣਾ ਚਾਹੀਦਾ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਾਨ ਗੁਰੂਆਂ ਅਤੇ ਸੰਤਾਂ ਦੇ ਆਦਰਸ਼ਾਂ ਨੂੰ ਸਮਾਜਿਕ ਨਿਆਂ, ਸਮਾਵੇਸ਼ੀ ਵਿਕਾਸ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ‘ਤੇ ਕੇਂਦਰਿਤ ਨੀਤੀਆਂ ਰਾਹੀਂ ਅੱਗੇ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਕਮਜ਼ੋਰ ਵਰਗਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਣ ਲਈ ਕਈ ਭਲਾਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 40 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਨਿਰਮਾਣ ਕਾਰਜ ਦਾ ਅਨੁਮਾਨ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਤਿਆਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸ਼ੁਭ ਕਾਰਜ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਜਦੋਂ ਵੀ ਕਮੇਟੀ ਨੂੰ ਲੋੜ ਹੋਵੇਗੀ, ਹੋਰ ਫੰਡ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ 50 ਲੱਖ ਰੁਪਏ ਦੇ ਵਾਧੂ ਫੰਡਜ਼ ਦੀ ਮੰਗ ਪਹਿਲਾਂ ਹੀ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਸਾਹਮਣੇ ਰੱਖੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਫੰਡ ਵੀ ਜਾਰੀ ਤਕਰ ਦਿੱਤਾ ਜਾਵੇਗੀ।
ਕੈਬਨਿਟ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਬੀਰ ਪੰਥੀ ਭਲਾਈ ਬੋਰਡ ਦੇ ਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਨਾਲ ਭਾਈਚਾਰੇ ਦੀ ਵੱਡੀ ਮੰਗ ਪੂਰੀ ਹੋ ਗਈ ਹੈ ਅਤੇ ਇਹ ਬੋਰਡ ਸਮੁੱਚੇ ਭਾਈਚਾਰੇ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰੇਗਾ।
ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਕਲੇਰ ਕੰਠ ਅਤੇ ਹੋਰ ਕਲਾਕਾਰਾਂ ਨੇ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਉਸਤਤ ਵਿੱਚ ਭਗਤੀ ਭਾਵਨਾ ਨਾਲ ਭਰਪੂਰ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ, ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਅਚਾਰੀਆ ਜਗਦੀਸ਼ ਦਾਸ, ਪਾਠੀ ਰਾਮ ਲਾਲ, ਕੌਂਸਲਰ ਰਾਜੀਵ ਟਿੱਕਾ, ਕੌਂਸਲਰ ਨਰੇਸ਼ ਭਗਤ, ਸਤਿਗੁਰੂ ਕਬੀਰ ਸਭਾ ਭਾਰਗਵ ਨਗਰ ਦੇ ਚੇਅਰਮੈਨ ਸਤੀਸ਼ ਭਗਤ ਬਿੱਲਾ, ਪ੍ਰਧਾਨ ਰਾਕੇਸ਼ ਕੁਮਾਰ ਭਗਤ, ਮੀਤ ਪ੍ਰਧਾਨ ਰਵੀ ਕੁਮਾਰ, ਖਜ਼ਾਨਚੀ ਦੁਸ਼ਯੰਤ ਭਗਤ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਆਦਿ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਦਿਨ ਦੇ ਸਮੇਂ ਕੈਬਨਿਟ ਮੰਤਰੀ ਵੱਲੋਂ ਸੈਂਕੜੇ ਸ਼ਰਧਾਲੂਆਂ ਨਾਲ ਮਿਲ ਕੇ ਇਸ ਪਵਿੱਤਰ ਦਿਹਾੜੇ ਮੌਕੇ ਕੇਕ ਵੀ ਕੱਟਿਆ ਗਿਆ।

Leave a Comment

Your email address will not be published. Required fields are marked *

Scroll to Top