ਵਿਸ਼ੇਸ਼ ਖੇਤਰਾਂ ’ਚ ਉਪਲਬਧੀਆਂ ਤੇ ਬਹਾਦਰੀ ਲਈ ਕੀਤੇ ਜਾਂਦੈ ਪੰਜਾਬ ਸਰਕਾਰ ਪ੍ਰਮਾਣ ਪੱਤਰ ਨਾਲ ਸਨਮਾਨਿਤ : ਡਿਪਟੀ ਕਮਿਸ਼ਨਰ

ਜਲੰਧਰ, 3 ਜੁਲਾਈ : ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਦਿੱਤੇ ਜਾਣ ਵਾਲੇ ਪੰਜਾਬ ਸਰਕਾਰ ਪ੍ਰਮਾਣ ਪੱਤਰ-2026 ਲਈ ਰਾਜ ਸਰਕਾਰ ਵੱਲੋਂ ਸਿਫਾਰਸ਼ਾਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪ੍ਰਮਾਣ ਪੱਤਰਾਂ ਨਾਲ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ/ਵਿਅਕਤੀਆਂ ਦਾ ਸਨਮਾਨ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਵਿਸ਼ੇਸ਼ ਖੇਤਰਾਂ ਵਿੱਚ ਉਪਲਬਧੀਆਂ ਹਾਸਲ ਕੀਤੀਆਂ ਹੋਣ ਅਤੇ ਬਹਾਦਰੀ ਦਿਖਾਈ ਹੋਵੇ। 
ਉਨ੍ਹਾਂ ਦੱਸਿਆ ਕਿ ਇਹ ਪ੍ਰਮਾਣ ਪੱਤਰ ਅੱਤਵਾਦੀਆਂ, ਦਹਿਸ਼ਤਗਰਦਾਂ ਜਾਂ ਹੋਰ ਗੈਰ ਸਮਾਜੀ ਅਨਸਰਾਂ ਨਾਲ ਨਜਿੱਠਣ, ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲਿਆਂ ਵਿਰੁੱਧ ਜਾਂ ਕਿਸੇ ਕੰਮ ਵਿੱਚ ਦਿਖਾਈ ਗਈ ਵਿਸ਼ੇਸ਼ ਬਹਾਦਰੀ ਲਈ, ਸਮਾਜ ਸੇਵਾ, ਕਲਾ, ਪ੍ਰਸਿੱਧ ਕਲਾ, ਸਾਹਿਤ ਅਤੇ ਵਿਗਿਆਨ ਤਕਨਾਲੋਜੀ ਤੇ ਹੋਰ ਪ੍ਰਵੀਨ ਕਿੱਤਿਆਂ ਦੇ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ/ਪ੍ਰਾਪਤੀਆਂ ਲਈ ਦਿੱਤੇ ਜਾਣੇ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਯੋਗ ਵਿਅਕਤੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਸਿਫਾਰਸ਼ਾਂ ਨਿਰਧਾਰਿਤ ਹਦਾਇਤਾਂ ਅਨੁਸਾਰ 15 ਜੁਲਾਈ 2026 ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਪੰਜਾਬ ਸਰਕਾਰ ਨੂੰ ਸਮੇਂ ਸਿਰ ਅਗਲੇਰੀ ਕਾਰਵਾਈ ਲਈ ਭੇਜੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਸਬੰਧੀ ਆਪਣੀਆਂ ਦਰਖਾਸਤਾਂ ਦੇਣਾ ਚਾਹੁੰਦੇ ਹਨ ਤਾਂ ਸਬੰਧਤ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ) ਦਫ਼ਤਰ ਵਿਖੇ 15 ਜੁਲਾਈ 2026 ਤੋਂ ਪਹਿਲਾਂ ਦੇ ਸਕਦੇ ਹਨ।
ਜ਼ਿਕਰਯੋਗ ਹੈ ਕਿ ਜਿਨ੍ਹਾਂ ਸ਼ਖਸੀਅਤਾਂ ਨੂੰ ਰਾਜ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਸਰਕਾਰ ਪ੍ਰਮਾਣ ਪੱਤਰ ਦਿੱਤਾ ਜਾ ਚੁੱਕਾ ਹੈ, ਉਨ੍ਹਾਂ ਦੀ ਸਿਫਾਰਸ਼ ਨੂੰ ਵਿਚਾਰਿਆ ਨਹੀਂ ਜਾਵੇਗਾ।

Leave a Comment

Your email address will not be published. Required fields are marked *

Scroll to Top