Click on the Edit Content button to edit/add the content.

ਡਾਕੂਮੈਂਟਰੀ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾ ਰਹੀ ਪੰਜਾਬ ਸਰਕਾਰ

ਜਲੰਧਰ, 20 ਜੁਲਾਈ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।

ਇਸ ਪਹਿਲਕਦਮੀ ਤਹਿਤ ਬੀਤੀ ਰਾਤ ਡਾਕੂਮੈਂਟਰੀ ਵੈਨ ਕਰਤਾਰਪੁਰ ਦੇ ਪਿੰਡਾਂ ਨੌਗਜਾ, ਮੰਡ ਮੌੜ, ਸਬ ਡਵੀਜ਼ਨ ਆਦਮਪੁਰ ਦੇ ਪਿੰਡ ਨਜਕਾ ਤੇ ਢੀਂਗਰੀਆਂ ਅਤੇ ਸਬ ਡਵੀਜ਼ਨ ਨਕੋਦਰ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਹੁੰਚੀ, ਜਿਥੇ ਵੈਨ ’ਤੇ ਲੱਗੀ ਐਲ.ਈ.ਡੀ. ਸਕਰੀਨ ਰਾਹੀਂ ਪਿੰਡਾਂ ਦੇ ਵੱਡੀ ਗਿਣਤੀ ਲੋਕਾਂ ਨੇ ਇਹ ਦਸਤਾਵੇਜ਼ੀ ਫਿਲਮ ਦੇਖੀ ਅਤੇ ਗੁਰੂ ਜੀ ਦੇ ਸਮਾਨਤਾ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ।  

ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਨਾਉਣ ਦੇ ਸੁਨੇਹੇ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਿਖਾਇਆ ਗਿਆ ਹੈ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ ਖਾਸ ਕਰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਅਜਿਹੀਆਂ ਦਸਤਾਵੇਜ਼ੀ ਫਿਲਮਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਸਦਭਾਵਨਾ, ਏਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਪਿੰਡਾਂ ਵਿੱਚ ਚਲਾਈਆਂ ਜਾ ਰਹੀਆਂ ਇਹ ਡਾਕੂਮੈਂਟਰੀ ਵੈਨਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਹਿੱਸਾ ਹੈ।

Table of Contents

Scroll to Top