ਚੰਡੀਗੜ੍ਹ, 24 ਜੁਲਾਈ: ਪੰਜਾਬ ਪ੍ਰਦੇਸ਼ ਕਾਂਗਰਸ ਅਨੁਸੂਚਿਤ ਜਾਤੀ (ਐੱਸ.ਸੀ.) ਵਿਭਾਗ ਨੇ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਹੋਏ ਬੇਰਹਿਮ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਦਲਿਤ ਮਜ਼ਦੂਰਾਂ ਦੀ ਇੱਜ਼ਤ, ਸੰਵਿਧਾਨਕ ਹੱਕਾਂ ਅਤੇ ਸਵੈ-ਸਨਮਾਨ ‘ਤੇ ਅਣਮਨੁੱਖੀ ਹਮਲਾ ਕਰਾਰ ਦਿੱਤਾ ਹੈ। ਵਿਭਾਗ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਬੇਲੋੜਾ ਬਲ ਵਰਤਿਆ, ਜਿਸ ਕਾਰਨ ਕਈ ਕਰਮਚਾਰੀ ਜ਼ਖ਼ਮੀ ਹੋਏ।
ਵਿਭਾਗ ਨੇ ਇਸ ਘਟਨਾ ਲਈ ਜ਼ਿੰਮੇਵਾਰ ਸਾਰੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਭਗਵੰਤ ਮਾਨ ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਵਿਭਾਗ ਸੂਬੇ ਭਰ ਵਿੱਚ ਵਿਸ਼ਾਲ ਪੱਧਰ ‘ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰੇਗਾ। ਵਿਭਾਗ ਨੇ ਇਹ ਵੀ ਐਲਾਨ ਕੀਤਾ ਕਿ ਸਫਾਈ ਕਰਮਚਾਰੀਆਂ ਦੇ ਮਨੁੱਖੀ ਅਤੇ ਸੰਵਿਧਾਨਕ ਹੱਕਾਂ ਦੀ ਹੋਈ ਘੋਰ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।
ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੋਹਰੇ ਮਾਪਦੰਡਾਂ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਹ ਦਿੱਲੀ ਵਿੱਚ ਹੋਣ ਵਾਲੇ ਕਥਿਤ ਲਾਠੀਚਾਰਜਾਂ ਦੀ ਨਿੰਦਾ ਕਰਨ ਵਿੱਚ ਤਾਂ ਤੁਰੰਤ ਅੱਗੇ ਆ ਜਾਂਦੇ ਹਨ, ਪਰ ਪੰਜਾਬ ਵਿੱਚ ਦਲਿਤ ਸਫਾਈ ਕਰਮਚਾਰੀਆਂ ‘ਤੇ ਹੋਏ ਬੇਰਹਿਮ ਲਾਠੀਚਾਰਜ ‘ਤੇ ਉਨ੍ਹਾਂ ਨੇ ਪੂਰੀ ਚੁੱਪੀ ਧਾਰ ਰੱਖੀ ਹੈ। ਵਿਭਾਗ ਨੇ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੁੱਪੀ ‘ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਕਮਿਸ਼ਨ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ, ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣੇ ਚਾਹੀਦੇ ਹਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ।
ਇਸ ਮੌਕੇ ‘ਤੇ ਐੱਸ.ਸੀ. ਵਿਭਾਗ ਦੇ ਕੌਮੀ ਕੋਆਰਡੀਨੇਟਰ (ਪੰਜਾਬ) ਸੁਧੀਰ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਵਿਭਾਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਅਤੇ ਸੂਬਾ ਟੀਮ ਨੇ ਕਿਹਾ ਕਿ ਕਾਂਗਰਸ ਪਾਰਟੀ ਸਫਾਈ ਕਰਮਚਾਰੀਆਂ ਅਤੇ ਪੰਜਾਬ ਦੇ ਹਰ ਦਲਿਤ ਮਜ਼ਦੂਰ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਦੀ ਕੋਈ ਵੀ ਕੋਸ਼ਿਸ਼ ਕੀਤੀ ਗਈ ਤਾਂ ਇਨਸਾਫ਼ ਮਿਲਣ ਤੱਕ ਸੂਬਾ ਭਰ ਵਿੱਚ ਤਿੱਖਾ ਲੋਕਤੰਤਰੀ ਸੰਘਰਸ਼ ਕੀਤਾ ਜਾਵੇਗਾ।