Click on the Edit Content button to edit/add the content.

ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਬਰਾਬਰੀ ਨਾਲ ਮਾਨ ਸਰਕਾਰ ਨੇ ਬਦਲਿਆ ਪੰਜਾਬ ਦਾ ਭਵਿੱਖ: ਡਾ. ਬਲਜੀਤ ਕੌਰ

ਚੰਡੀਗੜ੍ਹ, 5 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੁਜ਼ਗਾਰ, ਗੁਣਵੱਤਾ ਭਰਪੂਰ ਸਿੱਖਿਆ ਅਤੇ ਸਮਾਜਿਕ ਬਰਾਬਰੀ ਨੂੰ ਵਿਕਾਸ ਦਾ ਮਜ਼ਬੂਤ ਆਧਾਰ ਬਣਾ ਕੇ ਪੰਜਾਬ ਦਾ ਭਵਿੱਖ ਬਦਲਣ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਅਜਿਹਾ ਆਤਮ-ਨਿਰਭਰ, ਬਰਾਬਰੀ ਵਾਲਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਹੀ ਸੂਬੇ ਵਿੱਚ ਸਨਮਾਨਜਨਕ ਰੁਜ਼ਗਾਰ ਅਤੇ ਹਰ ਬੱਚੇ ਨੂੰ ਉੱਚ ਮਿਆਰੀ ਸਿੱਖਿਆ ਪ੍ਰਾਪਤ ਹੋਵੇ।

ਪ੍ਰਸਿੱਧ ਸ਼ਾਇਰ ਡਾ. ਨਵਤੇਜ ਭਾਰਤੀ ਦੇ ਸ਼ਬਦਾਂ ਦਾ ਹਵਾਲਾ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਕੰਮ ਕਰਦੇ ਹੱਥ ਜਦੋਂ ਇੱਕ ਦੂਜੇ ਨਾਲ ਮਿਲਦੇ ਹਨ ਤਾਂ ਇਹ ਦੁਨੀਆ ਜਿਉਣ ਜੋਗੀ ਹੋ ਜਾਂਦੀ ਹੈ। ਸਾਡੀ ਧਰਤੀ ਸੂਰਜ ਦੁਆਲੇ ਨਹੀਂ, ਸਗੋਂ ਮਿਹਨਤੀ ਹੱਥਾਂ ਦੁਆਲੇ ਘੁੰਮਦੀ ਹੈ।” ਉਨ੍ਹਾਂ ਕਿਹਾ ਕਿ ਇਹੀ ਸੋਚ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਦੀ ਪ੍ਰੇਰਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁਖ ਕਰਨਾ ਲੰਮੇ ਸਮੇਂ ਤੋਂ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਸੀ। ਪਿਛਲੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਸਿਰਜ ਕੇ ਇਸ ਰੁਝਾਨ ਨੂੰ ਬਦਲਣ ਦੀ ਸਾਰਥਕ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਮਾਜ ਦੇ ਹਰ ਵਰਗ ਨੂੰ ਵਿਕਾਸ ਅਤੇ ਖੁਸ਼ਹਾਲੀ ਦਾ ਬਰਾਬਰ ਦਾ ਭਾਗੀਦਾਰ ਬਣਾਉਣਾ ਹੈ।

ਆਪਣੇ ਹਲਕੇ ਦੀ ਮਿਸਾਲ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਫਕਰਸਰ ਦੇ 25 ਨੌਜਵਾਨਾਂ ਨੂੰ ਪਿਛਲੇ ਚਾਰ ਸਾਲਾਂ ਦੌਰਾਨ ਰੁਜ਼ਗਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਵਿੱਚੋਂ 20 ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਤੱਕ ਸਿੱਧੇ ਤੌਰ ‘ਤੇ ਪਹੁੰਚ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਸਾਲਾਂ ਤੱਕ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਸਕਾਲਰਸ਼ਿਪਾਂ ਰੋਕ ਕੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ, ਜਦਕਿ ਮਾਨ ਸਰਕਾਰ ਨੇ ਸੱਤਾ ਸੰਭਾਲਦੇ ਹੀ ਇਸ ਯੋਜਨਾ ਨੂੰ ਮੁੜ ਸ਼ੁਰੂ ਕੀਤਾ ਅਤੇ ਲਾਭਪਾਤਰੀਆਂ ਦੀ ਗਿਣਤੀ ਵਿੱਚ 35 ਫ਼ੀਸਦੀ ਦਾ ਵਾਧਾ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ 10 ਲੱਖ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਾ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ 10 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਸਿਰਫ਼ ਸਰਕਾਰੀ ਨੌਕਰੀਆਂ ਦੇਣਾ ਨਹੀਂ, ਸਗੋਂ ਖ਼ਾਸ ਕਰਕੇ ਪੇਂਡੂ ਖੇਤਰਾਂ ਦੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਹੈ। ਇਸ ਫ਼ੈਸਲੇ ਨਾਲ ਹਜ਼ਾਰਾਂ ਪਰਿਵਾਰਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਈ ਹੈ ਅਤੇ ਮਹਿਲਾਵਾਂ ਦਾ ਆਤਮ-ਵਿਸ਼ਵਾਸ ਤੇ ਆਰਥਿਕ ਸਵੈ-ਨਿਰਭਰਤਾ ਹੋਰ ਮਜ਼ਬੂਤ ਹੋਈ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਇਤਿਹਾਸਕ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ਦਾ ਰਿਸ਼ਤਾ ਅਟੁੱਟ ਹੈ। ਉਨ੍ਹਾਂ ਪ੍ਰਸਿੱਧ ਕਵੀ ਡਾ. ਸੁਰਜੀਤ ਪਾਤਰ ਦੀਆਂ ਲਾਈਨਾਂ ਦਾ ਹਵਾਲਾ ਦਿੰਦਿਆਂ ਕਿਹਾ, “ਕਿੰਨਾ ਗੂੜ੍ਹਾ ਸਾਕ ਹੈ ਅੱਖਰਾਂ ਅਤੇ ਰਿਜ਼ਕ ਦਾ।” ਉਨ੍ਹਾਂ ਕਿਹਾ ਕਿ ਗੁਣਵੱਤਾ ਭਰਪੂਰ ਸਿੱਖਿਆ ਹੀ ਟਿਕਾਊ ਰੁਜ਼ਗਾਰ ਅਤੇ ਸਮਾਜਿਕ ਤਰੱਕੀ ਦੀ ਸਭ ਤੋਂ ਮਜ਼ਬੂਤ ਨੀਂਹ ਹੈ।


ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਇਸ ਪੱਧਰ ਤੱਕ ਉੱਚਾ ਹੋ ਚੁੱਕਾ ਹੈ ਕਿ ਅਮੀਰ ਅਤੇ ਗਰੀਬ ਹਰ ਵਰਗ ਦਾ ਬੱਚਾ ਇੱਕੋ ਜਿਹੀ ਗੁਣਵੱਤਾ ਵਾਲੀ ਸਿੱਖਿਆ ਹਾਸਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਨਿਆਂ ਨੂੰ ਇੱਕ-ਦੂਜੇ ਨਾਲ ਜੋੜ ਕੇ ਹਰ ਨਾਗਰਿਕ ਲਈ ਬਰਾਬਰ ਮੌਕੇ ਯਕੀਨੀ ਬਣਾਉਂਦਿਆਂ ਖੁਸ਼ਹਾਲ, ਆਤਮ-ਨਿਰਭਰ ਅਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

Table of Contents

Scroll to Top