ਨੂਰਮਹਿਲ/ਨਕੋਦਰ(ਜਲੰਧਰ), 30 ਅਗਸਤ : ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਵਲੋਂ ਅੱਜ ਨੂਰਮਹਿਲ ਤੋਂ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸਫ਼ਾਈ ਕਰਮੀਆਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਪੂਰੀ ਸਰਗਰਮੀ ਨਾਲ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀ.ਵੀ.ਪੀਜ਼) ਨੂੰ ਖ਼ਤਮ ਕਰਕੇ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਪ੍ਰਣ ਲਿਆ।
ਸਫ਼ਾਈ ਮੁਹਿੰਮ ਦੌਰਾਨ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸ਼ਹਿਰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 8 ਸਤੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀ ਭਾਗੀਦਾਰੀ ਨਾਲ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਨੂੰ ਖ਼ਤਮ ਕਰਨਾ ਅਤੇ ਉਨ੍ਹਾਂ ਨੂੰ ਦੁਬਾਰਾ ਬਣਨ ਤੋਂ ਰੋਕਣਾ ਹੈ ਤਾਂ ਜੋ ਪੰਜਾਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕੇ।
ਉਨ੍ਹਾਂ ਨੇ ਸਫ਼ਾਈ ਕਰਮੀਆਂ ਦੀ ਮਿਹਨਤ ਦਾ ਸਨਮਾਨ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਸ਼ਹਿਰਵਾਸੀਆਂ ਨੂੰ ਕੂੜਾ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਇਧਰ-ਉਧਰ ਨਾ ਸੁੱਟ ਕੇ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਅਤੇ ਸਫਾਈ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੂੜੇ ਦਾ ਨਿਪਟਾਰਾ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਅਤੇ ਜੋ ਥਾਵਾਂ ਸਾਫ਼ ਹੋ ਚੁੱਕੀਆਂ ਹਨ, ਉਨ੍ਹਾਂ ਥਾਵਾਂ ’ਤੇ ਮੁੜ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਅਤੇ ਵਿਧਾਨ ਸਭਾ ਹਲਕਾ ਫਿਲੌਰ ਤੋਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਵਲੋਂ ਵੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਕਲੀਨ ਪੰਜਾਬ’ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਗਈ, ਜਿਸ ਵਿੱਚ ਸ਼ਹਿਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।