Click on the Edit Content button to edit/add the content.

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫਾਰ ਇਕੁਐਲਿਟੀ’ ਮੈਰਾਥਨ ’ਚ 650 ਐਥਲੀਟਾਂ ਨੇ ਲਿਆ ਹਿੱਸਾ

ਜਲੰਧਰ, 1 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ‘ਰਨ ਫਾਰ ਇਕੁਐਲਿਟੀ’ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਤੋਂ ਸ਼ੁਰੂ ਹੋਈ ਇਸ ਮੈਰਾਥਨ ਵਿੱਚ 650 ਐਥਲੀਟਾਂ ਨੇ ਹਿੱਸਾ ਲਿਆ।

ਇਹ ਮੈਰਾਥਨ ਕਪੂਰਥਲਾ ਚੌਕ, ਵਰਕਸ਼ਾਪ ਚੌਕ ਅਤੇ ਡੀ.ਏ.ਵੀ. ਕਾਲਜ ਤੋਂ ਹੁੰਦੀ ਹੋਈ ਇਸੇ ਰੂਟ ਤੋਂ ਮੁੜ ਕਾਲਜ ਪਹੁੰਚ ਕੇ ਸਮਾਪਤ ਹੋਈ। ਮੈਰਾਥਨ ਵਿੱਚ ਸ਼ਾਮਲ ਐਥਲੀਟਾਂ, ਖੇਡ ਕਲੱਬਾਂ ਅਤੇ ਐਨ.ਜੀ.ਓਜ਼ ਦਾ ਉਤਸ਼ਾਹ ਦੇਣ ਯੋਗ ਸੀ।



ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸੂਬੇ ਭਰ ਵਿੱਚ ਪ੍ਰੋਗਰਾਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਈਂ ਮਹਾਨ ਕੀਰਤਨ ਦਰਬਾਰ ਕਰਵਾਏ ਗਏ ਹਨ, ਜਦਕਿ ਮੁੱਖ ਮੰਤਰੀ ਵੱਲੋਂ ਰਵਾਨਾ ਕੀਤੀਆਂ ਗਈਆਂ ਵਿਸ਼ੇਸ਼ ਵੈਨਾਂ ਰਾਹੀਂ 12000 ਤੋਂ ਵੱਧ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਫਲਸਫ਼ੇ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਵਿਲੱਖਣ ਮੁਹਿੰਮ ਵੀ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਸ਼੍ਰੀ ਭਗਤ ਨੇ ਅੱਗੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੇ ਅਗਲੇ ਪੜਾਅ ਵਿੱਚ ਸੂਬੇ ਭਰ ਵਿੱਚ ਡਰੋਨ ਸ਼ੋਅ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸਬੰਧੀ ਵੀ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਨੂੰ ਵੱਡੇ ਪੱਧਰ ’ਤੇ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਨਤਾ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਉਤਸ਼ਾਹਿਤ ਕਰਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਨੂੰ ਅਮਲ ਵਿੱਚ ਲਿਆਉਣ ਲਈ ਵਚਨਬੱਧ ਹੈ । ਉਨ੍ਹਾਂ ਸੂਬਾ ਵਾਸੀਆਂ ਨੂੰ ਗੁਰੂ ਜੀ ਵਲੋਂ ਦਿਖਾਏ ਸਦਭਾਵਨਾ, ਸਮਾਜਿਕ ਨਿਆਂ, ਬਰਾਬਰੀ ਅਤੇ ਆਪਸੀ ਪ੍ਰੇਮ ਦੇ ਮਾਰਗ ’ਤੇ ਚੱਲਣ ਦਾ ਵੀ ਸੱਦਾ ਦਿੱਤਾ।
ਮੈਰਾਥਨ ਦੌਰਾਨ ਲੜਕਿਆਂ ਦੀ ਸ਼੍ਰੇਣੀ ਵਿੱਚ ਜਸ਼ਨ, ਦੀਪਕ ਸਿੰਘ, ਰਣਜੋਤ ਸਿੰਘ, ਲਵਪ੍ਰੀਤ ਅਤੇ ਭਾਵਿਤ ਨੇ ਪਹਿਲੀਆਂ ਪੰਜ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜਦਕਿ ਲੜਕੀਆਂ ਵਿੱਚੋਂ ਹਰਮਿੰਦਰ ਕੌਰ, ਜਸਲੀਨ, ਹਰਨੂਰ, ਸੁੱਖਪ੍ਰੀਤ ਅਤੇ ਖਵਾਇਸ਼ ਪਹਿਲੇ ਪੰਜ ਸਥਾਨਾਂ ’ਤੇ ਰਹੀਆਂ। ਕੈਬਨਿਟ ਮੰਤਰੀ ਵੱਲੋਂ ਐਥਲੀਟਾਂ ਦਾ ਮੈਡਲਾਂ ਨਾਲ ਸਨਮਾਨ ਕੀਤਾ ਗਿਆ। ਮੈਰਾਥਨ ਵਿੱਚ ਸ਼ਿਰਕਤ ਕਰਨ ਵਾਲੇ ਐਨ.ਜੀ.ਓਜ਼ ਅਤੇ ਖੇਡ ਕਲੱਬਾਂ ਨੂੰ ਵੀ ਸਨਮਾਨਿਤ ਕੀਤਾ ਗਿਆ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਿਵਿਆ ਪੀ., ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਅਤੇ ਤੈਰਾਕੀ ਕੋਚ ਉਮੇਸ਼ ਸ਼ਰਮਾ ਵੀ ਮੌਜੂਦ ਸਨ।

Table of Contents

Scroll to Top