ਜਲੰਧਰ, 9 ਸਤੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਲੰਧਰ ਦੀ ਗੰਨਾ ਸ਼ਾਖਾ ਵਲੋਂ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਸਕੀਮ ਤਹਿਤ ਸਹਿਕਾਰੀ ਖੰਡ ਮਿੱਲ ਨਕੋਦਰ ਨਾਲ ਸਬੰਧਤ ਗੰਨਾ ਖੇਤਰ ਦੇ ਪਿੰਡ ਮਹਿਰਾਜਵਾਲਾ (ਲੋਹੀਆ-ਖਾਸ) ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲਗਾਏ ਗਏ ਇਸ ਕੈਂਪ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਕਾਸ਼ਤਕਾਰੀ ਤਕਨੀਕਾਂ, ਕੀੜੇ-ਮਕੌੜਿਆਂ ਦੀ ਰੋਕਥਾਮ, ਰੋਗ ਪ੍ਰਬੰਧਨ, ਗੰਨੇ ਦੀ ਅੰਤਰ-ਫ਼ਸਲੀ, ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਪ੍ਰਾਜੈਕਟ ਅਫ਼ਸਰ ਜਲੰਧਰ ਡਾ. ਰੁਲਦਾ ਸਿੰਘ ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਵਿਚ ਅੰਤਰ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਪ੍ਰਦਰਸ਼ਨੀ ਪਲਾਟ ਪਤਝੜ ਰੁੱਤ ਦੀ ਗੰਨੇ ਦੀ ਬਿਜਾਈ ਦੌਰਾਨ ਬਿਜਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਜਿਥੇ ਫਸਲ ਉਤਪਾਦਨ, ਤਕਨਾਲੋਜੀ ਅਤੇ ਬੀਜਾਂ ਲਈ ਸਹਾਇਤਾ ਪ੍ਰਦਾਨ ਕਰਕੇ ਫ਼ਸਲ ਦੇ ਉਤਪਾਦਨ ਨੂੰ ਵਧਾਉਣਾ ਹੈ ਉਥੇ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ, ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਕਰਨਾ ਅਤੇ ਪੋਸ਼ਣ ਸੁਰੱਖਿਆ ਨੂੰ ਵੀ ਵਧਾਉਣਾ ਹੈ।
ਸਹਾਇਕ ਗੰਨਾ ਵਿਕਾਸ ਅਫ਼ਸਰ ਜਲੰਧਰ ਡਾ. ਗੁਰਚਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਉਤਪਾਦਕਤਾ ਵਧਾਉਣ ਲਈ ਗੰਨਾ ਕਾਸ਼ਤਕਾਰਾਂ ਨੂੰ ਬਿਜਾਈ ਦੀ ਚੌੜੀ ਵਿੱਥ ਵਿਧੀ ਅਤੇ ਅੰਤਰ ਫ਼ਸਲਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਕੈਂਪ ਦੌਰਾਨ ਕਿਸਾਨਾਂ ਨੂੰ ਮਿੱਟੀ ਪਰਖ ਕਰਵਾਉਣ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸੀ.ਸੀ.ਡੀ.ਓ. ਸਹਿਕਾਰੀ ਖੰਡ ਮਿੱਲ ਨਕੋਦਰ ਮਨਦੀਪ ਸਿੰਘ ਬਰਾੜ ਨੇ ਕਿਸਾਨਾਂ ਨੂੰ ਗੰਨੇ ਦੀਆ ਸਿਫਾਰਸ਼ ਕੀਤੀਆਂ ਕਿਸਮਾਂ ਦੀ ਬਿਜਾਈ ਕਰਨ ਲਈ ਕਿਹਾ। ਜਨਰਲ ਮੈਨੇਜਰ ਸਹਿਕਾਰੀ ਮਿੱਲ ਨਕੋਦਰ ਗੁਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਪ੍ਰੇਰਿਤ ਕੀਤਾ।