Click on the Edit Content button to edit/add the content.

ਪੰਜਾਬ ’ਚ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਹੈ ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ

ਫਿਲੌਰ (ਜਲੰਧਰ), 11 ਸਤੰਬਰ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿਟਿੰਗ ਅਤੇ ਸਟੇਸ਼ਨਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ, ਰੋਜ਼ਗਾਰ ਉਤਪਤੀ ਤੇ ਸਿਖ਼ਲਾਈ, ਉਦਯੋਗ ਤੇ ਵਣਜ ਮੰਤਰੀ ਅਮਨ ਅਰੋੜਾ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 551 ਦਿਨਾਂ ਦੌਰਾਨ 76,000 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਸੂਬੇ ਭਰ ਤੋਂ ਇਕੱਠੇ ਹੋਏ ‘ਯੁੱਧ ਨਸ਼ਿਆਂ ਵਿਰੁੱਧ֦ ਟੀਮ ਦੇ 500 ਤੋਂ ਵੱਧ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਨੇ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ ਦੀ ਕਮਰ ਤੋੜ ਕੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ।

ਟੀਮ ਮੈਂਬਰਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਲੋਕ ਹੁਣ ਸਖ਼ਤ ਕਾਰਵਾਈ ਤੋਂ ਡਰਦੇ ਹਨ ਅਤੇ ਇਸ ‘ਘਿਨਾਉਣੇ ਕੰਮ’ ਤੋਂ ਦੂਰ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਪੱਕੇ ਇਰਾਦੇ ਵਾਲੀ ਸਰਕਾਰ ਹੀ ਨਸ਼ਿਆਂ ਵਿਰੁੱਧ ਅਜਿਹੀ ਸਖ਼ਤ ਕਾਰਵਾਈ ਕਰ ਸਕਦੀ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦਾ ਆਪਣਾ ਦ੍ਰਿੜ੍ਹ ਇਰਾਦਾ ਦਿਖਾਇਆ ਹੈ।

ਸ਼੍ਰੀ ਅਰੋੜਾ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਿਛਲੇ ਸਮਿਆਂ ਦੌਰਾਨ ਸੱਤਾਧਾਰੀ ਪਾਰਟੀਆਂ ਦੇ ਆਗੂ ਨਸ਼ਿਆਂ ਦੇ ਨੈੱਟਵਰਕ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਰਹੇ, ਜਿਸ ਨਾਲ ਪੰਜਾਬ ਨਸ਼ਿਆਂ ਦੀ ਜਕੜ ਵਿੱਚ ਆ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਇਸ ਸਮੱਸਿਆ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ, ਜਿਸ ਦਾ ਮਕਸਦ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਅਤੇ ਇਸ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਆਪਣੇ ਆਖਰੀ ਪੜਾਅ ਵਿੱਚ ਦਾਖ਼ਲ ਹੋ ਰਹੀ ਹੈ। ਅਗਲੇ ਇੱਕ ਮਹੀਨੇ ਦੌਰਾਨ 500 ਤੋਂ ਵੱਧ ਟੀਮ ਮੈਂਬਰ ਹਰੇਕ ਪਿੰਡ ਅਤੇ ਵਾਰਡ ਵਿੱਚ ਜਾ ਕੇ ਨਿਵਾਸੀਆਂ ਨੂੰ ਮਿਲਣਗੇ ਅਤੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਾਈ ਵਿੱਚ ਹੋਈ ਪ੍ਰਗਤੀ ਬਾਰੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਵਿਆਪਕ ਲੋਕ-ਸੰਪਰਕ ਮੁਹਿੰਮ ਜ਼ਮੀਨੀ ਪੱਧਰ ’ਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਅਤੇ ਚੱਲ ਰਹੀ ਮੁਹਿੰਮ ਵਿੱਚ ਜਨਤਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਕੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਵਿੱਚ ਫੈਸਲਾਕੁੰਨ ਕਦਮ ਸਾਬਤ ਹੋਵੇਗੀ।

ਇਸ ਮੌਕੇ ਮੌਜੂਦ ਪ੍ਰਮੁੱਖ ਸ਼ਖਸੀਅਤਾਂ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਸੂਬਾ ਆਬਜ਼ਰਵਰ ਅਸ਼ਿਤ ਕੁਮਾਰ, ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ, ਦਿਨੇਸ਼ ਸੂਰੀ ਅਤੇ ਪੁਸ਼ਪਿੰਦਰ ਚਾਹਲ ਦੇ ਨਾਲ-ਨਾਲ ਕਈ ਜ਼ਿਲ੍ਹਿਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਸ਼ਾਮਲ ਸਨ।

Table of Contents

Scroll to Top