Click on the Edit Content button to edit/add the content.

ਪਿੰਡ-ਪਿੰਡ ਜਾ ਕੇ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ ਜਾਗਰੂਕਤਾ ਵੈਨਾਂ, ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜਲੰਧਰ, 16 ਸਤੰਬਰ : ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜੋ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੈਨਾਂ ਨੂੰ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਪ੍ਰਬੰਧਨ ਦੇ ਫਾਇਦਿਆਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਆਉਣ ਵਾਲੇ 40 ਦਿਨਾਂ ਵਿੱਚ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵੈਨਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ ਅਤੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਲਿਟਰੇਚਰ ਦੀ ਵੰਡ ਵੀ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਸ਼੍ਰੀ ਵਾਲੀਆ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸਦੇ ਯੋਗ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਠਾਕੁਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Table of Contents

Scroll to Top