Click on the Edit Content button to edit/add the content.

ਧੁੱਸੀ ਬੰਨ੍ਹ ’ਤੇ ਬਣਨ ਵਾਲੀ ਸੜਕ ਦੇ ਪਹਿਲੇ ਪੜਾਅ ਦਾ ਕੰਮ ਅਕਤੂਬਰ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ

ਜਲੰਧਰ, 17 ਸਤੰਬਰ: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਇੱਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਸੜਕ ਦੇ ਪਹਿਲੇ ਪੜਾਅ ਦਾ ਕੰਮ ਅਕਤੂਬਰ ਮਹੀਨੇ ਤੱਕ ਹਰ ਹਾਲ ਵਿੱਚ ਮੁਕੰਮਲ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ।

ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਤਹਿਤ 14 ਕਿਲੋਮੀਟਰ ਸੜਕ ਦਾ ਨਿਰਮਾਣ ਕੀਤਾ ਜਾਣਾ ਹੈ, ਜੋ ਧੁੱਸੀ ਬੰਨ੍ਹ ’ਤੇ ਗਿੱਦੜਪਿੰਡੀ ਤੋਂ ਫਿਲੌਰ ਤੱਕ ਬਣੇਗੀ।



ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਲੋਕਾਂ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਇਲਾਕੇ ਵਿੱਚ ਪੁਲ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਪੁਲ ਦੇ ਨਾਲ-ਨਾਲ ਸੜਕਾਂ ਦੇ ਕੰਮ ਵਿੱਚ ਵੀ ਤੇਜ਼ੀ ਲਿਆਉਣ ਲਈ ਕਿਹਾ।

ਸੰਤ ਸੀਚੇਵਾਲ ਨੇ ਕਿਹਾ ਕਿ ਧੁੱਸੀ ਬੰਨ੍ਹ ’ਤੇ ਸੜਕ ਬਣਨ ਨਾਲ ਬੰਨ੍ਹ ਦੀ ਮਜ਼ਬੂਤੀ ਵਧੇਗੀ ਅਤੇ ਨਾਲ ਹੀ ਇਹ ਸੜਕ ਇਲਾਕੇ ਲਈ ਬਾਈਪਾਸ ਵਜੋਂ ਵੀ ਮਹੱਤਵਪੂਰਣ ਭੂਮਿਕਾ ਨਿਭਾਏਗੀ। ਇਸ ਨਾਲ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਪੱਧਰ ’ਤੇ ਬੇਲੋੜੀ ਦੇਰੀ ਨਾ ਹੋਵੇ ਅਤੇ ਕੰਮ ਦੀ ਗੁਣਵੱਤਾ ਦਾ ਧਿਆਨ ਰੱਖਦਿਆਂ ਇਸ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।



ਇਸ ਮੌਕੇ ਮਗਨਰੇਗਾ ਵਰਕਰਾਂ ਦਾ ਇੱਕ ਵਫ਼ਦ ਸੰਤ ਸੀਚੇਵਾਲ ਨੂੰ ਮਿਲਿਆ ਅਤੇ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਸੰਤ ਸੀਚੇਵਾਲ ਨੇ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਫੋਨ ’ਤੇ ਗੱਲ ਕੀਤੀ ਅਤੇ ਵਰਕਰਾਂ ਦੀਆਂ ਜਾਇਜ਼ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ।

Table of Contents

Scroll to Top