Click on the Edit Content button to edit/add the content.

ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ, ਨੌਜਵਾਨਾਂ ਨੇ ਮਨੁੱਖਤਾ ਦੀ ਸੇਵਾ ਤੇ ਸਾਂਝੀਵਾਲਤਾ ਦਾ ਲਿਆ ਪ੍ਰਣ

ਜਲੰਧਰ, 23 ਸਤੰਬਰ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਭਾਈ ਘਨੱਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸਥਾਨਕ ਰੈੱਡ ਕਰਾਸ ਭਵਨ ਵਿਖੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੁੱਖ ਮੰਤਰੀ ਫੀਲਡ ਅਫ਼ਸਰ ਸ਼ਿਵਾਂਸ਼ ਅਸਥਾਨਾ ਆਈ.ਏ.ਐਸ. ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਤੋਂ ਪ੍ਰੇਰਨਾ ਲੈਂਦਿਆਂ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਨੇ ਮੈਦਾਨ-ਏ-ਜੰਗ ਵਿੱਚ ਜ਼ਖਮੀਆਂ ਦੀ ਬਿਨਾਂ ਕਿਸੇ ਵਿਤਕਰੇ ਦੇ ਸੇਵਾ ਕੀਤੀ, ਜੋ ਮਨੁੱਖੀ ਕਦਰਾਂ-ਕੀਮਤਾਂ ਅਤੇ ਪਰਉਪਕਾਰ ਦੀ ਇਕ ਮਿਸਾਲ ਹੈ।  ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਭਾਈ ਘਨੱਈਆ ਜੀ ਵੱਲੋਂ ਦਰਸਾਏ ਮਾਰਗ ਤੋਂ ਸੇਧ ਲੈਂਦਿਆਂ ਲੋੜਵੰਦਾਂ ਦੀ ਮਦਦ ਅਤੇ ਮਨੁੱਖਤਾ ਦੀ ਭਲਾਈ ਲਈ ਵਧ-ਚੜ੍ਹ ਕੇ ਕੰਮ ਕਰਨਾ ਚਾਹੀਦਾ ਹੈ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ਼੍ਰੀ ਅਸਥਾਨਾ ਵੱਲੋਂ ਸਮਾਜ ਸੇਵੀਆਂ ਅਤੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਭਾਈ ਘਨੱਈਆ ਜੀ ਦੇ ਜੀਵਨ ਸਬੰਧੀ ਕਰਵਾਏ ਗਏ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਤੋਂ ਪਹਿਲਾਂ ਵੱਖ-ਵੱਖ ਬੁਲਾਰਿਆਂ ਨੇ ਭਾਈ ਘਨੱਈਆ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਸੇਵਾ ਹਿੱਤ ਕੀਤੀਆਂ ਗਈਆਂ ਮਹਾਨ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ। ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਭਾਈ ਘਨੱਈਆ ਜੀ ਦੇ ਜੀਵਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ।

ਇਸ ਮੌਕੇ ਹਾਜ਼ਰੀਨ ਨੇ ਮਨੁੱਖਤਾ ਦੀ ਸੇਵਾ ਅਤੇ ਸਰਬਸਾਂਝੀਵਾਲਤਾ ਦਾ ਪ੍ਰਣ ਵੀ ਲਿਆ।

ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਸੇਵਾ ਦੇ ਮੌਕਿਆਂ ਨੂੰ ਪੂਰੀ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਸਮਾਗਮ ਦੌਰਾਨ ਰੈੱਡ ਕਰਾਸ ਦਿਵਿਆਂਗ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਤੋਂ ਇਲਾਵਾ ਆਰਥੋ ਅਤੇ ਅੱਖਾਂ ਦਾ ਚੈੱਕਅਪ ਕੈਂਪ ਵੀ ਲਗਾਇਆ ਗਿਆ।

ਸਮਾਗਮ ਦੌਰਾਨ ਸਤਪਾਲ ਸਿੰਘ, ਰਮੇਸ਼ ਲਖਨਪਾਲ, ਕੈਪਟਨ ਗੁਰਮੇਲ ਸਿੰਘ, ਵਰਿੰਦਰ ਸੈਣੀ, ਐਸ.ਪੀ. ਸਦਿਕੀ, ਬਹਾਦਰ ਸਿੰਘ, ਕੈਪਟਨ ਜਸਵਿੰਦਰ ਸਿੰਘ, ਮਾਸਟਰ ਅਮਰੀਕ ਸਿੰਘ, ਨੇਕ ਰਾਮ, ਡਾ. ਅਸ਼ੋਕ ਸਹੋਤਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Table of Contents

Scroll to Top