ਪਿੰਡ ਆਲਮਪੁਰ ਬੱਕਾ ‘ਚ ਕਰਵਾਇਆ ਨੁਕੱੜ ਨਾਟਕ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਕਰਵਾਇਆ ਜਾਣੂ

ਜਲੰਧਰ, 12 ਅਕਤੂਬਰ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਨਿਰਦੇਸ਼ਾਂ ਹੇਠ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਰਵੀ ਦਾਰਾ ਦੀ ਅਗਵਾਈ ਵਿੱਚ ਪਿੰਡ ਆਲਮਪੁਰ ਬੱਕਾ ਵਿਖੇ ਸੇਂਟ ਸੋਲਜਰ ਲਾਅ ਕਾਲਜ ਜਲੰਧਰ ਦੇ ਰੈਡ ਰਿਬਨ ਕਲੱਬ ਵਲੋਂ ਪ੍ਰਭਾਵਸ਼ਾਲੀ ਨੁਕੜ ਨਾਟਕ ਕਰਵਾਇਆ ਗਿਆ। ਇਸ ਦੌਰਾਨ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਨੁਕੜ ਨਾਟਕ ਵਿੱਚ ਪਿੰਡ ਵਾਸੀਆਂ ਤੇ ਖਾਸ ਕਰਕੇ ਨੌਜਵਾਨਾਂ ਵਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ।

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਨੇ ਦੱਸਿਆ ਕਿ ਪ੍ਰਭਾਵਸ਼ਾਲੀ ਨੁਕੱੜ ਨਾਟਕ ਰਾਹੀਂ ਸਮਾਜਿਕ ਅਤੇ ਆਰਥਿਕ ਸਥਿਤੀ ਦੇ ਨਾਲ ਨਸ਼ਿਆਂ ’ਤੇ ਨਿਰਭਰ ਲੋਕਾਂ ਦੀ ਸਿਹਤ ’ਤੇ ਪੈਣ ਵਾਲੇ ਮਾੜਾ ਪ੍ਰਭਾਵਾਂ ਦੇ ਨਾਲ-ਨਾਲ ਪਰਿਵਾਰਾਂ ਉਤੇ ਹੁੰਦੇ ਨਾਕਰਾਤਮਕ ਅਸਰ ਅਤੇ ਬਰਬਾਦ ਹੁੰਦੇ ਰਿਸ਼ਤਿਆਂ ਬਾਰੇ ਖੁੱਲ੍ਹ ਕੇ ਚਾਨਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਅੱਗੇ ਆਕੇ ਸਾਂਝਾ ਹੰਭਲਾ ਮਾਰਨ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਨੁੱਕੜ ਨਾਟਕ ਦੌਰਾਨ ਹਾਜ਼ਰ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਅਤੇ ਸਿਵਲ ਪ੍ਰਸਾਸ਼ਨ ਤੇ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪਿੰਡ ਵਾਸੀਆ ਨੇ ਭਰੋਸਾ ਦੁਆਇਆ ਕਿ ਉਹਨਾਂ ਵਲੋਂ ਆਪਣੇ ਪਿੰਡ ਦੇ ਨਾਲ-ਨਾਲ ਆਲੇ-ਦੁਆਲੇ ਦੇ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਕੇ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਲਈ ਸਰਗਰਮ ਸ਼ਮੂਲੀਅਤ ਤੇ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਪਿੰਡ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਨੁਕੱੜ ਨਾਟਕ ਦੇ ਸਾਰਥਕ ਨਤੀਜੇ ਨਿਕਲਣਗੇ।

Table of Contents

Scroll to Top