ਸੰਦੀਪ ਨੰਗਲ ਅੰਬੀਆਂ ਅਤੇ ਟਿੰਮੀ ਚਾਵਲਾ ਦੇ ਪਰਿਵਾਰਾਂ ਨੂੰ ਮਿਲੇ ਪਰਗਟ ਸਿੰਘ ਤੇ ਸਚਿਨ ਪਾਇਲਟ

ਨਕੋਦਰ/ਸ਼ਾਹਕੋਟ, 18 ਅਕਤੂਬਰ, 2026: ਪੰਜਾਬ ਭਰ ਵਿੱਚ ਗੈਂਗਸਟਰਵਾਦ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਅੱਜ ਆਪਣੇ ਦੌਰੇ ਦੌਰਾਨ ਜਲੰਧਰ ਜ਼ਿਲ੍ਹੇ ਦੇ ਨਕੋਦਰ ਅਤੇ ਸ਼ਾਹਕੋਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਫਿਰੌਤੀ ਨਾ ਦੇਣ ਕਾਰਨ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਕਾਰੋਬਾਰੀ ਟਿੰਮੀ ਚਾਵਲਾ ਦੇ ਪਰਿਵਾਰ ਅਤੇ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦੇ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ।

ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਕਿਹਾ ਕਿ ਦੋਵੇਂ ਪਰਿਵਾਰ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਇਨਸਾਫ਼ ਦੀ ਆਸ ਵਿੱਚ ਪੁਲਿਸ ਥਾਣਿਆਂ ਅਤੇ ਅਦਾਲਤਾਂ ਦੇ ਚੱਕਰ ਕੱਟ ਰਹੇ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਨਿਆਂ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗੀ ਅਤੇ ਇਨ੍ਹਾਂ ਮਾਮਲਿਆਂ ਨੂੰ ਵਿਧਾਨ ਸਭਾ ਤੋਂ ਲੈ ਕੇ ਲੋਕ ਸਭਾ ਤੱਕ ਉਠਾਇਆ ਜਾਵੇਗਾ। ਉਨ੍ਹਾਂ ਨੇ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੂੰ ਨੌਕਰੀ ਦੇਣ ਦਾ ਵਾਅਦਾ ਪੂਰਾ ਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਮਕਸਦ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਇਹ ਜਾਣਨਾ ਹੈ ਕਿ ਭਵਿੱਖ ਵਿੱਚ ਅਜਿਹੀਆਂ ਨੀਤੀਆਂ ਕਿਵੇਂ ਬਣਾਈਆਂ ਜਾਣ, ਜਿਨ੍ਹਾਂ ਨਾਲ ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇ। ਟਿੰਮੀ ਚਾਵਲਾ ਕਤਲ ਕਾਂਡ ਦੀ ਜਾਂਚ ਵਿੱਚ ਹੋ ਰਹੀ ਦੇਰੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਚਾਰ ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਮਾਮਲੇ ਵਿੱਚ ਇਨਸਾਫ਼ ਨਾ ਮਿਲਣਾ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਅਜਿਹੀ ਨਹੀਂ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਿਆਸੀ ਹਿੱਤਾਂ ਲਈ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ। ਪੁਲਿਸ ਨੂੰ ਸਿਆਸੀ ਦਬਾਅ ਤੋਂ ਮੁਕਤ ਹੋ ਕੇ ਆਪਣਾ ਕੰਮ ਕਰਨਾ ਚਾਹੀਦਾ ਹੈ। ਕਾਨੂੰਨ ਅਨੁਸਾਰ ਨਿਰਪੱਖ ਕਾਰਵਾਈ ਨਾਲ ਹੀ ਲੋਕਤੰਤਰ ਅਤੇ ਕਾਨੂੰਨ ਦਾ ਰਾਜ ਕਾਇਮ ਰਹਿ ਸਕਦਾ ਹੈ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ। ਕਤਲ ਵਰਗੀਆਂ ਗੰਭੀਰ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਵੀ ਮੁਲਜ਼ਮਾਂ ਦਾ ਖੁੱਲ੍ਹੇਆਮ ਘੁੰਮਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਹ ਸਥਿਤੀ ਪੀੜਤ ਪਰਿਵਾਰਾਂ ਲਈ ਦੁਖਦਾਈ ਹੋਣ ਦੇ ਨਾਲ-ਨਾਲ ਪੰਜਾਬ ਦੇ ਭਵਿੱਖ ਲਈ ਵੀ ਘਾਤਕ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੈਂਗਸਟਰਵਾਦ ਖ਼ਤਮ ਕਰਨ ਦੇ ਦਾਅਵਿਆਂ ਦੇ ਬਾਵਜੂਦ ਲੋਕਾਂ ਨੂੰ ਅੱਜ ਵੀ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਪੀੜਤਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ ਅਤੇ ਉਨ੍ਹਾਂ ’ਤੇ ਕੇਸ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੱਧ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਕਿ ਕਿਸੇ ਵਾਰਦਾਤ ਦਾ ਸ਼ਿਕਾਰ ਹੋਣ ਤੋਂ ਬਾਅਦ ਪੀੜਤ ਪਰਿਵਾਰਾਂ ਦੀ ਇਨਸਾਫ਼ ਮਿਲਣ ਦੀ ਉਮੀਦ ਹੀ ਖ਼ਤਮ ਹੋ ਜਾਵੇ। ਪੰਜਾਬ ਪੁਲਿਸ ਨੂੰ ਸਿਆਸੀ ਆਗੂਆਂ ਦੇ ਇਸ਼ਾਰਿਆਂ ’ਤੇ ਕੰਮ ਕਰਨ ਦੀ ਬਜਾਏ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ।

ਭਾਜਪਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਦੋਸ਼ਾਂ ’ਤੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਜਪਾ ਅਕਾਲੀ ਦਲ ਨਾਲ ਗੱਠਜੋੜ ਕਰਕੇ ਪੰਜਾਬ ਵਿੱਚ ਸਰਕਾਰ ਚਲਾ ਚੁੱਕੀ ਹੈ ਅਤੇ ਉਸ ਸਮੇਂ ਵੀ ਨਸ਼ਿਆਂ ਦੀ ਸਮੱਸਿਆ ਵਧੀ ਸੀ। ਅੱਜ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਉਸ ਕੋਲ ਗ੍ਰਹਿ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਵਰਗੇ ਅਹਿਮ ਵਿਭਾਗ ਹਨ। ਇਸ ਦੇ ਬਾਵਜੂਦ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਕਿਉਂ ਨਹੀਂ ਲਗਾਈ ਜਾ ਰਹੀ? ਉਨ੍ਹਾਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਕਦੋਂ ਤੱਕ ਬਚਦੀ ਰਹੇਗੀ।

ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਕਥਿਤ ਤੌਰ ’ਤੇ ਧੜੱਲੇ ਨਾਲ ਹੋ ਰਹੀ ਮਾਈਨਿੰਗ ਨੂੰ ਲੈ ਕੇ ਵੀ ਸਵਾਲ ਉਠਾਏ ਅਤੇ ਸਥਾਨਕ ਵਿਧਾਇਕ ’ਤੇ ਮਿਲੀਭੁਗਤ ਦੇ ਗੰਭੀਰ ਦੋਸ਼ ਲਗਾਏ।

ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਦਲਵੀ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ।

Table of Contents

Scroll to Top