ਜਲੰਧਰ, 21 ਅਕਤੂਬਰ : ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.)-2026 ਤਹਿਤ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ.ਐਸ.ਆਰ.-2026 ਤਹਿਤ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ 25 ਅਕਤੂਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਆਪਣੇ ਨਾਂ ਦੀ ਜਾਂਚ ਕਰਨ ਵਿੱਚ ਸਹਾਇਤਾ ਕਰਨਗੇ। ਨਾਲ ਹੀ, ਵੋਟਰ ਸੂਚੀ ਵਿੱਚ ਨਾਂ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾ ਕਰਵਾਉਣ ਵਿੱਚ ਵੀ ਸਹਿਯੋਗ ਕੀਤਾ ਜਾਵੇਗਾ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਸਥਾਪਿਤ ਕੀਤੇ ਜਾ ਰਹੇ ਹਨ, ਜਿੱਥੇ ਵੋਟਰ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਂ ਦੀ ਜਾਂਚ ਅਤੇ ਪੁਸ਼ਟੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 31 ਅਕਤੂਬਰ 2026 ਤੱਕ ਲਗਾਤਾਰ ਬਿਰਧ ਆਸ਼ਰਮਾਂ ਅਤੇ ਕੁਸ਼ਟ ਆਸ਼ਰਮਾਂ ਵਿੱਚ ਰਹਿ ਰਹੇ ਯੋਗ ਵਿਅਕਤੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂ ਅੰਤਿਮ ਵੋਟਰ ਸੂਚੀ ਵਿੱਚ ਜ਼ਰੂਰ ਚੈੱਕ ਕਰਨ ਅਤੇ ਜੇਕਰ ਨਾਂ ਦਰਜ ਨਹੀਂ ਹੈ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਲਈ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ।