ਜਲੰਧਰ, 5 ਨਵੰਬਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ, ਇਲਾਜ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਲਗਾਤਾਰ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਡਰੱਗ ਹਾਟਸਪਾਟ ਖੇਤਰਾਂ ਵਿੱਚ ਸਿਹਤ ਜਾਂਚ ਕੈਂਪ, ਜਾਗਰੂਕਤਾ ਗਤੀਵਿਧੀਆਂ ਅਤੇ ਸਿਖ਼ਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਨਸ਼ੇ ’ਤੇ ਨਿਰਭਰ ਵਿਅਕਤੀਆਂ ਨੂੰ ਢੁੱਕਵਾਂ ਇਲਾਜ ਤੇ ਕਾਊਂਸਲਿੰਗ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਾਟਸਪਾਟ ਖੇਤਰਾਂ ਵਿੱਚ 47 ਸਿਹਤ ਜਾਂਚ ਕੈਂਪ ਲਗਾਏ ਗਏ, ਜਿਨ੍ਹਾਂ ਦੌਰਾਨ 1087 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਵੀ ਜਾਰੀ ਹਨ, ਜਿਸ ਤਹਿਤ 118 ਜਾਗਰੂਕਤਾ ਕੈਂਪ ਲਗਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਹਾਟਸਪਾਟ ਖੇਤਰਾਂ ਵਿੱਚੋਂ 157 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕੇਂਦਰਾਂ ਵਿੱਚ ਇਲਾਜ ਲਈ ਇਨਰੋਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੀ ਨਿਰੰਤਰ ਦੇਖ਼ਭਾਲ ਅਤੇ ਇਲਾਜ ਦੀ ਪ੍ਰਗਤੀ ਯਕੀਨੀ ਬਣਾਉਣ ਲਈ 105 ਫਾਲੋਅਪ ਵੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ 375 ਸਿਹਤ ਵਰਕਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਨਸ਼ੀਲੀਆਂ ਅਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ 22 ਮੈਡੀਕਲ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਹੈ।