ਜਲੰਧਰ, 23 ਨਵੰਬਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜਲੰਧਰ ਵਿਖੇ ਪਹੁੰਚਣ ਵਾਲੀ ਸ਼ੋਭਾ ਯਾਤਰਾ ਦੇ ਸ਼ਾਨਦਾਰ ਸਵਾਗਤ ਅਤੇ ਠਹਿਰਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਨੇ ਦੱਸਿਆ ਕਿ ਸ਼ੋਭਾ ਯਾਤਰਾ 2 ਦਸੰਬਰ ਨੂੰ ਜਲੰਧਰ ਵਿੱਚ ਪ੍ਰਵੇਸ਼ ਕਰੇਗੀ ਅਤੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਅਗਲੇ ਦਿਨ 3 ਦਸੰਬਰ ਨੂੰ ਹੁਸ਼ਿਆਰਪੁਰ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ 2 ਦਸੰਬਰ ਨੂੰ ਸ਼ੋਭਾ ਯਾਤਰਾ ਦਾ ਠਹਿਰਾਅ ਜਲੰਧਰ ਵਿਖੇ ਹੋਵੇਗਾ।
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫ਼ਾਈ, ਸਜਾਵਟ, ਰੌਸ਼ਨੀ, ਸੁਚਾਰੂ ਟ੍ਰੈਫ਼ਿਕ ਵਿਵਸਥਾ, ਪੀਣ ਵਾਲੇ ਪਾਣੀ ਦੀ ਸੁਵਿਧਾ, ਮੈਡੀਕਲ ਸਹੂਲਤ, ਸੁਰੱਖਿਆ ਪ੍ਰਬੰਧ, ਫਾਇਰ ਬ੍ਰਿਗੇਡ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸ਼ੋਭਾ ਯਾਤਰਾ ਦੇ ਨਾਲ ਆਉਣ ਵਾਲੀ ਸੰਗਤ ਦੇ ਰਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੋਭਾ ਯਾਤਰਾ ਦੇ ਸ਼ਾਨਦਾਰ ਸਵਾਗਤ ਅਤੇ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਬਿਹਤਰ ਆਪਸੀ ਤਾਲਮੇਲ ਨਾਲ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸੰਗਤ ਨੂੰ ਕੋਈ ਅਸੁਵਿਧਾ ਨਾ ਹੋਵੇ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦਾ ਸਵਾਗਤ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਸ਼ੋਭਾ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਸਮੂਹ ਐਸ.ਡੀ.ਐਮਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।