ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜਲੰਧਰ – ਜਲੰਧਰ ਲੋਕ ਸਭਾ ਹਲਕੇ ਲਈ ਜਨਰਲ ਆਬਜ਼ਰਵਰ ਜੇ. ਮੇਘਨਾਥ ਰੈਡੀ ਅਤੇ ਖਰਚਾ ਆਬਜ਼ਰਵਰ ਮਾਧਵ ਦੇਸ਼ਮੁਖ ਨੇ ਲੋਕ ਸਭਾ ਚੋਣਾਂ-2024 ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਉਮੀਦਵਾਰਾਂ/ਸਿਆਸੀ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਐਸ.ਐਸ.ਪੀ. ਡਾ. ਅੰਕੁਰ ਗੁਪਤਾ ਸਮੇਤ ਆਬਜ਼ਰਵਰਾਂ ਨੇ ਅੱਜ ਵੱਖ-ਵੱਖ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਸਿਆਸੀ ਪਾਰਟੀਆਂ/ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਿੱਚ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਾਬੰਦ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਜਾਣੂ ਕਰਵਾਇਆ ਕਿ ਇਸ ਮੰਤਵ ਲਈ ਪ੍ਰਸ਼ਾਸਨ ਵੱਲੋਂ ਜਲੰਧਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਆਬਜ਼ਰਵਰਾਂ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨੀ ਚਾਹੀਦੀ ਹੈ ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ‘ਜ਼ੀਰੋ ਟੋਲਰੈਂਸ’ ਅਪਣਾਈ ਜਾਵੇਗੀ।
ਆਬਜ਼ਰਵਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੈਸੇ ਦੀ ਤਾਕਤ, ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਸਕਰੀਨਿੰਗ ਕਮੇਟੀ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਵਾਹਨ ਪ੍ਰਬੰਧਨ ਟੀਮਾਂ, ਖਰਚਾ ਨਿਗਰਾਨ ਕਮੇਟੀ, ਐਮ.ਸੀ.ਸੀ. ਟੀਮਾਂ, ਵੀਡੀਓ ਵਿਊਇੰਗ ਟੀਮਾਂ ਅਤੇ ਲੇਖਾ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਿਆਸੀ ਪਾਰਟੀਆਂ/ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਸੈੱਲਾਂ ਦੇ ਨੋਡਲ ਅਫ਼ਸਰਾਂ ਦੇ ਸੰਪਰਕ ਦੀ ਸੂਚੀ ਵੀ ਦਿੱਤੀ ਗਈ।
ਆਬਜ਼ਰਵਰਾਂ ਨੇ ਅੱਗੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਬਚਣਾ ਚਾਹੀਦਾ ਹੈ, ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ ਅਤੇ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ । ਇਸੇ ਤਰ੍ਹਾਂ ਸਿਆਸੀ ਵਿਰੋਧੀਆਂ ਦੇ ਪੋਸਟਰ ਨਹੀਂ ਫਾੜੇ ਜਾਣੇ ਚਾਹੀਦੇ ਅਤੇ ਇਕ-ਦੂਜੇ ਖਿਲਾਫ਼ ਰੋਸ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਰਾਜਨੀਤਿਕ ਰੈਲੀਆਂ ਅਤੇ ਜਲੂਸਾਂ ਦੇ ਸਥਾਨ ਅਤੇ ਸਮੇਂ ਬਾਰੇ ਪਹਿਲਾਂ ਹੀ ਸੂਚਨਾ ਦਿੱਤੀ ਜਾਣੀ ਚਾਹੀਦੀ ਹੈ। ਇਸੇ ਤਰ੍ਹਾਂ ਬਾਹਰੀ ਪ੍ਰਚਾਰਕਾਂ ਲਈ 30 ਮਈ, 2024 ਨੂੰ ਸ਼ਾਮ 6 ਵਜੇ ਤੱਕ ਹਲਕਾ ਛੱਡਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ/ਉਮੀਦਵਾਰਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ 30.5.2024 ਤੋਂ ਬਾਅਦ ਪਾਬੰਦੀਸ਼ੁਦਾ ਸਮੇਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਸਮੇਤ ਕਿਸੇ ਵੀ ਪਲੇਟਫਾਰਮ ‘ਤੇ ਕੋਈ ਪ੍ਰਚਾਰ ਨਹੀਂ ਕੀਤਾ ਜਾਵੇਗਾ। ਉਮੀਦਵਾਰਾਂ ਨੂੰ ਧਰਮ, ਜਾਤ, ਭਾਸ਼ਾ ਆਦਿ ਦੇ ਆਧਾਰ ‘ਤੇ ਵੋਟਿੰਗ ਲਈ ਅਪੀਲ ਨਹੀਂ ਕਰਨੀ ਚਾਹੀਦੀ ਅਤੇ ਪ੍ਰਾਪਰਟੀ ‘ਤੇ ਪੋਸਟਰ/ਬੈਨਰ ਲਗਾਉਣ ਤੋਂ ਪਹਿਲਾਂ ਉਸ ਦੇ ਮਾਲਕਾਂ ਤੋਂ ਲਿਖਤੀ ਇਜਾਜ਼ਤ ਲੈਣੀ ਚਾਹੀਦੀ ਹੈ।
ਆਬਜ਼ਰਵਰਾਂ ਨੇ ਪੋਲਿੰਗ ਪਾਰਟੀਆਂ ਨੂੰ ਆਪਣੇ ਚੋਣ ਏਜੰਟਾਂ ਨੂੰ ਚੋਣ ਨਿਯਮਾਂ ਬਾਰੇ ਚੰਗੀ ਤਰ੍ਹਾਂ ਸਿਖਲਾਈ ਦੇਣ ਲਈ ਵੀ ਕਿਹਾ ਤਾਂ ਜੋ ਉਹ ਜ਼ਾਬਤੇ ਦੀ ਉਲੰਘਣਾ ਨਾ ਕਰਨ। ਉਨ੍ਹਾਂ ਕਿਹਾ ਕਿ ਚੋਣ ਏਜੰਟਾਂ ਨੂੰ ਚੋਣਾਂ ਵਾਲੇ ਦਿਨ ਬੂਥ ਦੇ ਅੰਦਰ ਪਾਰਟੀ ਨੂੰ ਦਰਸਾਉਂਦਾ ਕੋਈ ਵੀ ਪਹਿਰਾਵਾ, ਬੈਜ ਜਾਂ ਟੋਪੀ ਨਹੀਂ ਪਹਿਨਣੀ ਚਾਹੀਦੀ।
ਖਰਚਾ ਆਬਜ਼ਰਵਰ ਸ਼੍ਰੀ ਮਾਧਵ ਦੇਸ਼ਮੁਖ ਨੇ ਸਿਆਸੀ ਪਾਰਟੀਆਂ/ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਚੋਣ ਖਰਚੇ ਸਬੰਧੀ ਆਪਣੇ ਖਾਤੇ ਸਾਵਧਾਨੀ ਨਾਲ ਮੇਨਟੇਨ ਕਰਨ ਲਈ ਕਿਹਾ ਕਿਉਂਕਿ ਚੋਣ ਕਮਿਸ਼ਨ ਨੇ ਹਰੇਕ ਉਮੀਦਵਾਰ ਲਈ 95 ਲੱਖ ਰੁਪਏ ਦੀ ਵੱਧ ਤੋਂ ਵੱਧ ਸੀਮਾ ਨਿਰਧਾਰਤ ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਖਰਚਾ ਟੀਮ ਵੱਲੋਂ ਤਿੰਨ ‘ਅਕਾਊਂਟ ਰੀਕੰਸੀਲੇਸ਼ਨ’ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਆਪਣੇ ਚੋਣ ਖਰਚਿਆਂ ਸਬੰਧੀ ਅਸਲ ਰਿਕਾਰਡ ਨਾਲ ਲਿਆਉਣਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੰਤਵ ਲਈ 10,000 ਰੁਪਏ ਤੋਂ ਵੱਧ ਦੇ ਸਾਰੇ ਖਰਚੇ ਉਮੀਦਵਾਰ ਵੱਲੋਂ ਵੱਖਰੇ ਤੌਰ ‘ਤੇ ਖੋਲ੍ਹੇ ਗਏ ਬੈਂਕ ਖਾਤੇ ਰਾਹੀਂ ਕੀਤੇ ਜਾਣਗੇ। ਆਬਜ਼ਰਵਰ ਨੇ ਉਨ੍ਹਾਂ ਨੂੰ ਕਿਹਾ ਕਿ ਉਮੀਦਵਾਰ ਵੱਲੋਂ ਚੋਣ ਪ੍ਰਚਾਰ ‘ਤੇ ਖਰਚ ਕੀਤੇ ਜਾ ਰਹੇ ਇਕ-ਇਕ ਪੈਸੇ ਦਾ ਇੰਦਰਾਜ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਖਰਚਾ ਦਰਜ ਹੋਣ ਤੋਂ ਨਾ ਰਹਿ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਉਮੀਦਵਾਰਾਂ ਦੇ ਚੋਣ ਏਜੰਟ ਵੀ ਮੌਜੂਦ ਸਨ।

ਕੈਪਸ਼ਨ: ਜਨਰਲ ਅਬਜ਼ਰਵਰ ਜੇ. ਮੇਘਨਾਥ ਰੈਡੀ ਅਤੇ ਖਰਚਾ ਆਬਜ਼ਰਵਰ ਮਾਧਵ ਦੇਸ਼ਮੁਖ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਐਸ.ਐਸ.ਪੀ. ਡਾ. ਅੰਕੁਰ ਗੁਪਤਾ ਸਮੇਤ ਸਿਆਸੀ ਪਾਰਟੀਆਂ/ਉਮੀਦਵਾਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top