ਬੂਥਵਾਰ ਵੰਡ ਲਈ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡਮਾਈਜ਼ੇਸ਼ਨ ਹੋਈ

ਜਲੰਧਰ – ਲੋਕ ਸਭਾ ਹਲਕਾ-04 ਜਲੰਧਰ (ਅ.ਜ.) ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟਸ ਦੀ ਦੂਜੀ ਰੈਂਡਮਾਈਜ਼ੇਸ਼ਨ ਅੱਜ ਇਥੇ ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਲਈ ਨਿਯੁਕਤ ਜਨਰਲ ਆਬਜ਼ਰਵਰ ਜੇ. ਮੇਘਨਾਥ ਰੈਡੀ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹੀ ਗਈ। ਇਸ ਮੌਕੇ ਉਮੀਦਵਾਰ/ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ 1951 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਲਈ ਕੁੱਲ 4682 ਬੈਲਟ ਯੂਨਿਟ, 2340 ਕੰਟਰੋਲ ਯੂਨਿਟ ਅਤੇ 2533 ਵੀ.ਵੀ.ਪੈਟਸ ਦੀ ਬੂਥਵਾਰ ਵੰਡ ਲਈ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਬੈਲਟ ਤੇ ਕੰਟਰੋਲ ਯੂਨਿਟ 20-20 ਫੀਸਦੀ ਅਤੇ ਵੀ.ਵੀ.ਪੈਟਸ 30 ਫੀਸਦੀ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਹਲਕੇ ਲਈ ਉਮੀਦਵਾਰਾਂ ਦੀ ਗਿਣਤੀ 15 ਤੋਂ ਵੱਧ ਹੋਣ ਕਰਕੇ ਹਰੇਕ ਪੋਲਿੰਗ ਬੂਥ ’ਤੇ ਦੋ ਬੈਲਟ ਯੂਨਿਟ ਲਗਾਏ ਜਾਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਰੈਂਡੇਮਾਈਜ਼ੇਸ਼ਨ ਦਾ ਉਦੇਸ਼ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣਾ ਹੈ, ਜਿਸ ਵਿੱਚ ਕਿਸ ਬੂਥ ’ਤੇ ਕਿਹੜੀ ਮਸ਼ੀਨ ਜਾਵੇਗੀ, ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਣਾਲੀ ਰਾਹੀਂ ਤੈਅ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਨਿਰਵਿਘਨ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ, ਜਿਸ ਦੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਉਪਰੰਤ ਰੈਂਡਮਾਈਜ਼ੇਸ਼ਨ ਦੌਰਾਨ ਸਾਫ਼ਟਵੇਅਰ ਰਾਹੀਂ ਜਨਰੇਟ ਸੂਚੀਆਂ ਉਮੀਦਵਾਰਾਂ/ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਚੋਣ ਹਲਕਾ ਵਾਰ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੀ ਸਪਲਾਈ ਕੀਤੀਆਂ ਗਈਆਂ, ਜਿਨ੍ਹਾਂ ਮੁਤਾਬਕ ਈ.ਵੀ.ਐਮਜ਼/ਵੀ.ਵੀ.ਪੈਟਸ ਤਿਆਰ ਕੀਤੀਆਂ ਜਾਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਡੀ.ਆਈ.ਓ. ਰਣਜੀਤ ਸਿੰਘ, ਈ.ਵੀ.ਐਮ. ਨੋਡਲ ਅਫ਼ਸਰ ਡਾ. ਦਮਨਦੀਪ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਉਮੀਦਵਾਰ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

ਕੈਪਸ਼ਨ:  ਜਨਰਲ ਆਬਜ਼ਰਵਰ ਜੇ. ਮੇਘਨਾਥ ਰੈਡੀ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ.ਵੀ.ਪੈਟ ਦੀ ਦੂਜੀ ਰੈਂਡਮਾਈਜ਼ੇਸ਼ਨ ਦੌਰਾਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top