ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਏ.ਸੀ.ਐਸ. ਸਮੇਤ ਸਥਾਨਕ ਸਰਕਾਰਾਂ ਵਿਭਾਗ ਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਜਲੰਧਰ ਵਿਖੇ ਕੀਤੀ ਮੀਟਿੰਗ

ਜਲੰਧਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸ਼ਹਿਰ ਵਿਚ ਸਟ੍ਰੀਟ ਲਾਈਟਾਂ, ਸੜਕਾਂ, ਸੀਵਰੇਜ ਅਤੇ ਸਫਾਈ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਸਮੇਤ ਬੁਨਿਆਦੀ ਸਹੂਲਤਾਂ ਵਿਚਲੀਆਂ ਕਮੀਆਂ ਨੂੰ ਸਮਾਂਬੱਧ ਢੰਗ ਨਾਲ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਥੇ ਵਿਧਾਇਕ ਰਮਨ ਅਰੋੜਾ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਏ.ਸੀ.ਐਸ. ਤੇਜਵੀਰ ਸਿੰਘ ਸਮੇਤ ਸਥਾਨਕ ਸਰਕਾਰਾਂ ਵਿਭਾਗ ਅਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਇਨ੍ਹਾਂ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਸ਼ਹਿਰ ਵਿੱਚ ਸਟ੍ਰੀਟ ਲਾਈਟਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਸਟ੍ਰੀਟ ਲਾਈਟਾਂ ਚਾਲੂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧੀ ਤੁਰੰਤ ਢੁੱਕਵੀਂ ਕਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ 15 ਦਿਨਾਂ ਬਾਅਦ ਸਾਰੀਆਂ ਸਟ੍ਰੀਟ ਲਾਈਟਾਂ ਵਰਕਿੰਗ ਕੰਡੀਸ਼ਨ ਵਿੱਚ ਹੋਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫਾਈ ਅਤੇ ਸੀਵਰੇਜ ਵਿਵਸਥਾ ਵੱਲ ਵਿਸ਼ੇਸ਼ ਤਵਜੋਂ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਸੀਵਰੇਜ ਸਫਾਈ ਯਕੀਨੀ ਬਣਾਈ ਜਾਵੇ ਤਾਂ ਜੋ ਸੀਵਰੇਜ ਪਾਈਪਾਂ ਬਲਾਕ ਨਾ ਹੋਣ।
ਸ਼ਹਿਰ ਦੇ ਰਾਮ ਨਗਰ, ਗਾਜ਼ੀਗੁੱਲ, ਦਕੋਹਾ, ਧੰਨੋਵਾਲੀ ਇਲਾਕੇ ਵਿੱਚ ਪਾਣੀ ਇਕੱਤਰ ਹੋਣ ਦੀ ਸਮੱਸਿਆ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਸ ਮਸਲੇ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਨ ਲਈ ਕਿਹਾ ਤਾਂ ਜੋ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਦਿਵਾਈ ਜਾ ਸਕੇ। ਇਸ ਦੌਰਾਨ ਦਕੋਹਾ ਵਿਖੇ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਦੇ ਪੱਕੇ ਹੱਲ ਲਈ ਨਗਰ ਨਿਗਮ ਵੱਲੋਂ ਨਵੀਂ ਸੀਵਰੇਜ ਲਾਈਨ ਪਾ ਕੇ ਇਸਨੂੰ ਬੰਬੀਆਵਾਲ ਐਸ.ਟੀ.ਪੀ. ਨਾਲ ਜੋੜਨ ਦਾ ਪ੍ਰਸਤਾਵ ਰੱਖਿਆ ਗਿਆ, ਜਿਸ ’ਤੇ ਮੰਤਰੀ ਨੇ ਅਧਿਕਾਰੀਆਂ ਨੂੰ ਤਜਵੀਜ ਭੇਜਣ ਲਈ ਕਿਹਾ।
ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਫਾਈ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਅਤੇ ਸਾਫ-ਸੁਥਰਾ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੂੜੇ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਰੋਜ਼ਾਨਾ ਦੇ ਆਧਾਰ ’ਤੇ ਸਫਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਯਕੀਨੀ ਬਣਾਉਣ ਲਈ ਵੀ ਕਿਹਾ।
ਸ਼ਹਿਰ ਦੀਆਂ ਸੜਕਾਂ ਦੇ ਚੱਲ ਰਹੇ ਕੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਇਸ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾਵੇ।
ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਨਗਰ ਨਿਗਮ ਜਲੰਧਰ ਗੌਤਮ ਜੈਨ, ਵਧੀਕ ਕਮਿਸ਼ਨਰ ਅਮਰਜੀਤ ਬੈਂਸ ਸਮੇਤ ਹੋਰ ਅਧਿਕਾਰੀ ਅਤੇ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top