ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਸੰਸਥਾਵਾਂ ਤੇ ਹਸਪਤਾਲਾਂ ਨੂੰ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ, 18 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਸਿੱਖਿਆ ਸੰਸਥਾਵਾਂ ਅਤੇ ਹਸਪਤਾਲਾਂ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਸਬੰਧੀ ਇਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਸਿੱਖਿਆ ਸੰਸਥਾਵਾਂ ਅਤੇ ਹਸਪਤਾਲਾਂ ਨੂੰ ਤਰਜੀਹ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਡੀ.ਈ.ਓ. (ਐਲੀ.), ਡੀ.ਈ.ਓ.(ਸੈਕੰ.) ਨੂੰ ਸਿੱਖਿਆ ਸੰਸਥਾਵਾਂ ਅਤੇ ਸਿਵਲ ਸਰਜਨ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਹਸਪਤਾਲਾਂ ਲਈ ਨੋਡਲ ਅਫ਼ਸਰ ਨਿਯੁਕਤ ਕਰਦਿਆਂ ਹਦਾਇਤ ਕੀਤੀ ਕਿ ਇਹ ਅਧਿਕਾਰੀ ਸਿੱਖਿਆ ਸੰਸਥਾਵਾਂ ਅਤੇ ਮੈਡੀਕਲ ਸੰਸਥਾਵਾਂ ਸਬੰਧੀ ਆਪਣੀ ਡਿਮਾਂਡ ਗੈਸ ਕੰਪਨੀਆਂ ਨੂੰ ਹਰ ਰੋਜ਼ ਦੇਣਾ ਯਕੀਨੀ ਬਣਾਉਣਗੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ ਇਨ੍ਹਾਂ ਦੀ ਡਿਮਾਂਡ ਅਨੁਸਾਰ ਗੈਸ ਦੀ ਸਪਲਾਈ ਯਕੀਨੀ ਬਣਾਉਣਗੇ।
ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਮਾਂਡ ਸਬੰਧੀ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ ਨੂੰ ਰੋਜ਼ਾਨਾ ਸੂਚਿਤ ਕਰਨਗੇ ਅਤੇ ਜ਼ਿਲ੍ਹਾ ਕੰਟਰੋਲਰ ਕਮਰਸ਼ੀਅਲ ਸਿਲੰਡਰਾਂ ਦੀ ਮੰਗ ਸਬੰਧੀ ਸਬੰਧਤ ਗੈਸ ਏਜੰਸੀਆਂ ਨਾਲ ਤਾਲਮੇਲ ਕਰਦੇ ਹੋਏ ਇਸ ਦੀ ਪੂਰਤੀ ਕਰਵਾਉਣਾ ਯਕੀਨੀ ਬਣਾਉਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਘਰੇਲੂ ਗੈਸ ਸਿਲੰਡਰ ਦੀ ਬੁਕਿੰਗ 25 ਦਿਨਾਂ ਬਾਅਦ (ਪਹਿਲੇ ਸਿਲੰਡਰ ਦੀ ਡਲਿਵਰੀ ਹੋਣ ਉਪਰੰਤ) ਹੋਵੇਗੀ, ਇਸ ਲਈ ਸਮੂਹ ਗੈਸ ਖਪਤਕਾਰ ਗੈਸ ਦੀ ਬੁਕਿੰਗ ਸਿਲੰਡਰ ਮਿਲਣ ਤੋਂ 25 ਦਿਨ ਬਾਅਦ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜਿਸ ਇਲਾਕੇ ਵਿੱਚ ਖਪਤਕਾਰਾਂ ਨੂੰ ਪੀ.ਐਨ.ਜੀ. ਰਾਹੀਂ ਗੈਸ ਦੀ ਸਪਲਾਈ ਹੋ ਰਹੀ ਹੈ, ਉਹ ਪੀ.ਐਨ.ਜੀ. ਗੈਸ ਦੀ ਹੀ ਵਰਤੋਂ ਕਰਨ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਗੈਸ ਸਿਲੰਡਰਾਂ ਦੀ ਬੁਕਿੰਗ ਨਾ ਕਰਵਾਉਣ ਤਾਂ ਜੋ ਇਹ ਸਿਲੰਡਰ ਲੋੜਵੰਦ ਖਪਤਕਾਰਾਂ ਨੂੰ ਸਮੇਂ ਸਿਰ ਮਿਲ ਸਕਣ।
ਵਧੀਕ ਡਿਪਟੀ ਕਮਿਸ਼ਨਰ ਨੇ ਆਈ.ਓ.ਸੀ.ਐਲ., ਬੀ.ਪੀ.ਸੀ.ਐਲ., ਐਚ.ਪੀ.ਸੀ.ਐਲ., ਜ਼ਿਲ੍ਹਾ ਨੋਡਲ ਅਫ਼ਸਰਾਂ ਅਤੇ ਸੇਲਜ਼ ਅਫ਼ਸਰਾਂ ਨੂੰ ਕਮਰਸ਼ੀਅਲ ਸਿਲੰਡਰਾਂ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਦੀ ਸਖ਼ਤ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਗੈਸ ਏਜੰਸੀਆਂ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਲਗਾਤਾਰ ਚੈਕਿੰਗ/ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਗੈਸ ਸਿਲੰਡਰਾਂ ਦੀ ਕਾਲਾਬਾਜ਼ਰੀ ਕਰਦੇ ਹੋਏ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਨਿਰਵਿਘਨ ਲੋੜ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਨਰਿੰਦਰ ਸਿੰਘ, ਡਿਪਟੀ ਡੀ.ਈ.ਓ. (ਈ.ਈ.) ਜਲੰਧਰ, ਸਿਵਲ ਸਰਜਨ ਜਲੰਧਰ, ਜ਼ਿਲ੍ਹਾ ਨੋਡਲ ਅਫ਼ਸਰ ਆਈ.ਓ.ਸੀ.ਐਲ. ਜਲੰਧਰ, ਸੇਲਜ ਅਫਸਰ, ਆਈ.ਓ.ਸੀ.ਐਲ. ਜਲੰਧਰ ਮੌਜੂਦ ਸਨ।

Leave a Comment

Your email address will not be published. Required fields are marked *

Scroll to Top