ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਮ ਲੋਕਾਂ ਤੇ ਵਾਹਨ ਚਾਲਕਾਂ ਲਈ ਸੁਖਾਵਾਂ ਤੇ ਸੁਰੱਖਿਅਤ ਸਫ਼ਰ ਯਕੀਨੀ ਬਣਾਉਣ ‘ਤੇ ਜ਼ੋਰ

ਜਲੰਧਰ : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਨੇ ਅੱਜ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਆਮ ਲੋਕਾਂ ਤੇ ਵਾਹਨ ਚਾਲਕਾਂ ਲਈ ਸੁਖਾਵਾਂ ਤੇ ਸੁਰੱਖਿਅਤ ਸਫ਼ਰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸ਼ਾਮਲ ਕੌਮੀ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਹਾਈਵੇ ‘ਤੇ ਮੁਰੰਮਤ ਆਦਿ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੜਕਾਂ ਦਾ ਜਾਇਜ਼ਾ ਲੈ ਕੇ ਜਿਥੇ ਕਿਤੇ ਵੀ ਮੁਰੰਮਤ ਜਾਂ ਪੈਚਵਰਕ ਦੀ ਲੋੜ ਹੈ, ਤੁਰੰਤ ਕੀਤਾ ਜਾਵੇ। ਉਨ੍ਹਾਂ ਸੜਕਾਂ ‘ਤੇ ਸੰਭਾਵੀ ਹਾਦਸਿਆਂ ਦਾ ਕਾਰਨ ਬਣਦੇ ‘ਬਲੈਕ ਸਪਾਟਾਂ’ ਤੇ ਹੋਰ ਰੁਕਾਵਟਾਂ ਨੂੰ ਦੂਰ ਕਰਨ ਲਈ ਵੀ ਕਿਹਾ।
ਹਿੱਟ ਐਂਡ ਰਨ ਕੇਸਾਂ ਵਿੱਚ ਮੁਆਵਜ਼ੇ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਮਹਾਜਨ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਨੇਪਰੇ ਚਾੜ੍ਹੀ ਜਾਵੇ ਤਾਂ ਜੋ ਇਨ੍ਹਾਂ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਵੀ ਹਿੱਟ ਐਂਡ ਰਨ ਕੇਸਾਂ ਵਿੱਚ ਮਿਲਣ ਵਾਲੇ ਮੁਆਵਜ਼ੇ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਤਾਂ ਜੋ ਪੀੜਤ ਬਿਨਾਂ ਕਿਸੇ ਮੁਸ਼ਕਲ ਦੇ ਮੁਆਵਜ਼ਾ ਹਾਸਲ ਕਰ ਸਕਣ। 
ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਸਰਬਓਤਮ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਕੂਲੀ ਵਾਹਨ ਪਾਲਿਸੀ ਮੁਤਾਬਕ ਸਾਰੇ ਸੁਰੱਖਿਆ ਮਾਪਦੰਡ ਪੂਰੇ ਕਰਦੇ ਹੋਣ।
ਮੀਟਿੰਗ ਦੌਰਾਨ ਉਨ੍ਹਾਂ ਓਵਰਲੋਡਿੰਗ, ਸ਼ਰਾਬ ਪੀ ਕੇ ਵਾਹਨ ਚਲਾਉਣ, ਅੰਡਰ ਏਜ ਡਰਾਈਵਿੰਗ ਸਮੇਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ֹ’ਤੇ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ ਅਤੇ ਟ੍ਰੈਫਿਕ ਪੁਲਿਸ ਨੂੰ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਜਾਂ ਸੜਕ ’ਤੇ ਚਲਦੇ ਸਮੇਂ ਆਵਾਜਾਈ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਐਸ.ਡੀ.ਐਮ.ਜਲੰਧਰ-2-ਕਮ-ਆਰ.ਟੀ.ਓ. ਬਲਬੀਰ ਰਾਜ ਸਿੰਘ, ਐਸ.ਡੀ.ਐਮ ਜਲੰਧਰ-1 ਰਣਦੀਪ ਸਿੰਘ ਹੀਰ, ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ ਅਤੇ ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਬੈਂਸ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ, ਲੋਕ ਨਿਰਮਾਣ ਵਿਭਾਗ ਅਤੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top