ਜਲੰਧਰ, 24 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਅਤੇ ਖੇਤੀ ਉਤਪਾਦਨ ਨਾਲ ਸਬੰਧਤ ਹੋਰ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ, ਜੰਗਲਾਤ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਖੇਤੀ ਸਹਾਇਕ ਧੰਦੇ ਅਪਨਾਉਣ ਲਈ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਬਾਗਬਾਨੀ, ਫੁੱਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਦੇ ਨਾਲ-ਨਾਲ ਡੇਅਰੀ, ਮੱਛੀ ਪਾਲਣ ਆਦਿ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਤੇ ਸਹਾਇਕ ਧੰਦੇ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।
ਸ਼੍ਰੀ ਸਿੰਘ ਨੇ ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂਹੰਦ ਪ੍ਰਬੰਧਨ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਖੇਤਾਂ ਵਿੱਚ ਅੱਗ ਲਾਉਣ ਦੇ ਮਾੜੇ ਰੁਝਾਨ ਖਿਲਾਫ਼ ਅਤੇ ਫ਼ਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।
ਮੁੱਖ ਖੇਤਬਾੜੀ ਅਫਸਰ ਡਾ.ਰਣਧੀਰ ਸਿੰਘ ਠਾਕੁਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ ਸਾਲ 2024-25 ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਕੁਲ 729 ਮਸ਼ੀਨਾਂ ਦੀ ਭੌਤਿਕ ਪੜਤਾਲ ਕਰਨ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ 18.34 ਕਰੋੜ ਰੁਪਏ ਸਬਸਿਡੀ ਭੇਜੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖਾਦ, ਕੀੜੇਮਾਰ ਦਵਾਈਆਂ ਅਤੇ ਬੀਜਾਂ ਦੀਆਂ ਦੁਕਾਨਾਂ ਦੀ ਨਿਯਮਿਤ ਚੈਕਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਮੱਛੀ ਪਾਲਣ, ਡੇਅਰੀ, ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਰਵਾਈਆਂ ਟ੍ਰੇਨਿੰਗਾਂ ਦਾ ਜਾਇਜ਼ਾ ਲੈਂਦਿਆਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਵਿਅਕਤੀਆਂ ਨੂੰ ਇਨ੍ਹਾਂ ਟ੍ਰੇਨਿੰਗਾਂ ਦਾ ਲਾਭ ਦੇਣ ਦੀ ਹਦਾਇਤ ਕੀਤੀ ਤਾਂ ਜੋ ਉਹ ਸਹਾਇਕ ਧੰਦਿਆਂ ਰਾਹੀਂ ਆਪਣੀ ਆਮਦਨ ਵਿੱਚ ਇਜ਼ਾਫਾ ਕਰ ਸਕਣ। ਉਨ੍ਹਾਂ ਪਸ਼ੂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਵੱਲੋਂ ਲਾਏ ਜਾਂਦੇ ਜਾਗਰੂਕਤਾ ਕੈਂਪਾਂ ਵਿੱਚ ਪਸ਼ੂ ਪਾਲਕਾਂ ਨੂੰ ਦੁੱਧ ਛੱਡ ਚੁੱਕੇ ਪਸ਼ੂਆਂ ਨੂੰ ਗਊਸ਼ਲਾਵਾਂ ਵਿੱਚ ਭੇਜਣ ਲਈ ਜਾਗਰੂਕ ਕੀਤਾ ਜਾਵੇ, ਜਿਸ ਨਾਲ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਅੰਮ੍ਰਿਤ ਸਰੋਵਰ ਵਿੱਚ ਮੱਛੀ ਪਾਲਣ ਦੀ ਸੰਭਾਵਨਾ ਤਲਾਸ਼ਣ ਦੇ ਨਿਰਦੇਸ਼ ਵੀ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਜੰਗਲਾਤ ਵਿਭਾਗ ਨੂੰ ਰੁੱਖ ਲਾਉਣ ਦੀ ਮੁਹਿੰਮ ਚਲਾਉਣ ਲਈ ਕਿਹਾ ਤਾਂ ਜੋ ਜਲੰਧਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਪਸ਼ੂ ਪਾਲਣ ਵਿਭਾਗ ਵੱਲੋਂ ਕੀਤੀ ਜਾ ਰਹੀ ਪਸ਼ੂਆਂ ਦੀ ਵੈਕਸੀਨੇਸ਼ਨ, ਪਸ਼ੂ ਭਲਾਈ ਕੈਂਪਾਂ ਅਤੇ ਭੂਮੀ ਰੱਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਸਮੂਹ ਵਿਭਾਗਾਂ ਨੂੰ ਪੂਰੇ ਤਾਲਮੇਲ ਨਾਲ ਕੰਮ ਕਰਦਿਆਂ ਕਿਸਾਨਾਂ ਅਤੇ ਕਿਸਾਨੀ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।
