ਪੰਜਾਬ ਨੂੰ ਮੁੜ ਮਜ਼ਬੂਤ ਬ੍ਰਾਂਡ ਬਣਾਵਾਂਗੇ, ਕਾਂਗਰਸ ਦੀ ਸਰਕਾਰ ਵੀ ਬਣਾਵਾਂਗੇ ਅਤੇ ਚੰਗੀ ਤਰ੍ਹਾਂ ਚਲਾਵਾਂਗੇ: ਸਰਦਾਰ ਪਰਗਟ ਸਿੰਘ

ਹੁਸ਼ਿਆਰਪੁਰ, 16 ਨਵੰਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਹੁਸ਼ਿਆਰਪੁਰ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ ਅਤੇ ਹੁਣ ਚੁੱਪ ਬੈਠਣ ਦਾ ਸਮਾਂ ਨਹੀਂ ਹੈ। ਉਨ੍ਹਾਂ ਵਰਕਰਾਂ ਨੂੰ ਪੰਜਾਬ ਦੇ ਹੱਕਾਂ, ਸਨਮਾਨ ਅਤੇ ਭਵਿੱਖ ਦੀ ਲੜਾਈ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਟੀਚਾ ਪੰਜਾਬ ਨੂੰ ਮੁੜ ਦੇਸ਼ ਦਾ ਮਜ਼ਬੂਤ ਬ੍ਰਾਂਡ ਬਣਾਉਣਾ ਹੈ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਵਰਕਰਾਂ ਦੇ ਸਹਿਯੋਗ ਨਾਲ ਕਾਂਗਰਸ ਨਾ ਸਿਰਫ਼ ਸਰਕਾਰ ਬਣਾਏਗੀ, ਸਗੋਂ ਇਸ ਨੂੰ ਬਿਹਤਰ ਢੰਗ ਨਾਲ ਚਲਾਏਗੀ ਵੀ।

ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੀਲੀ ਪੱਗ ਬੰਨ੍ਹ ਲੈਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਜਾਂਦਾ। ਦਿੱਲੀ ਤੋਂ ਆਏ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਰਗੇ ਆਗੂਆਂ ਨੇ ਸਾਮ, ਦਾਮ, ਦੰਡ ਅਤੇ ਭੇਦ ਦੀ ਰਾਜਨੀਤੀ ਕਰਕੇ ਪੰਜਾਬ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ੇ ਦੀ ਸਪਲਾਈ ਘਰ-ਘਰ ਤੱਕ ਪਹੁੰਚ ਰਹੀ ਹੈ, ਜਦਕਿ ਕੇਂਦਰ ਵਿੱਚ 13 ਸਾਲ ਸੱਤਾ ਵਿੱਚ ਰਹਿਣ ਦੇ ਬਾਵਜੂਦ ਭਾਜਪਾ ਨਸ਼ਾ ਖ਼ਤਮ ਨਹੀਂ ਕਰ ਸਕੀ ਅਤੇ ਹੁਣ ਦੋ ਸਾਲਾਂ ਵਿੱਚ ਇਸ ਨੂੰ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ 750 ਕਿਸਾਨਾਂ ਦੀ ਸ਼ਹਾਦਤ ਸਮੇਂ ਅਕਾਲੀ ਦਲ ਦੀ ਭੂਮਿਕਾ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਅਜੇ ਵੀ 25 ਤੋਂ 30 ਫ਼ੀਸਦੀ ਝੋਨਾ ਪਿਆ ਹੈ ਅਤੇ 180 ਲੱਖ ਮੀਟ੍ਰਿਕ ਟਨ ਖ਼ਰੀਦ ਦਾ ਟੀਚਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਸਾਨਾਂ ਨਾਲ 3,500 ਕਰੋੜ ਰੁਪਏ ਦੀ ਠੱਗੀ ਹੋਣ ਦਾ ਦੋਸ਼ ਲਾਉਂਦਿਆਂ ‘ਆਪ’ ਅਤੇ ਭਾਜਪਾ ਦੀ ਮਿਲੀਭੁਗਤ ਦੀ ਗੱਲ ਕਹੀ।

ਸੂਬੇ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਸੱਤਾਧਾਰੀ ਪਾਰਟੀ ਦੇ ਵਰਕਰਾਂ ਵਾਂਗ ਕੰਮ ਕਰ ਰਹੇ ਹਨ ਅਤੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਨੇ ਪੰਜਾਬ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰੀਬ ਪੌਣੇ ਪੰਜ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ ਅਤੇ ਆਮ ਕਾਰੋਬਾਰੀ ਤੇ ਦੁਕਾਨਦਾਰ ਵੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਉਦਯੋਗਾਂ ਨੂੰ ਹੁਨਰਮੰਦ ਕਾਮੇ ਨਹੀਂ ਮਿਲ ਰਹੇ, ਜਦਕਿ ਦੂਜੇ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ। ਇਸ ਪਾੜੇ ਨੂੰ ਦੂਰ ਕਰਨ ਲਈ ਸਿੱਖਿਆ ਅਤੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣਾ ਪਵੇਗਾ।

ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦਾ ਹੰਕਾਰ ਪੰਜਾਬ ਅਤੇ ਕਾਂਗਰਸ ਦੇ ਹਿੱਤਾਂ ਤੋਂ ਵੱਡਾ ਨਹੀਂ ਹੋ ਸਕਦਾ। ਕਾਂਗਰਸ ਵਿੱਚ ਸਿਰਫ਼ ਸਾਫ਼ ਅਕਸ ਅਤੇ ਚੰਗੇ ਸਿਆਸੀ ਕਿਰਦਾਰ ਵਾਲੇ ਆਗੂਆਂ ਨੂੰ ਹੀ ਸ਼ਾਮਲ ਕੀਤਾ ਜਾਵੇਗਾ, ਜਿਸ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹੁਸ਼ਿਆਰਪੁਰ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟਿਕਟ ਲਈ ਕੋਈ ਵੀ ਅਪਲਾਈ ਕਰ ਸਕਦਾ ਹੈ, ਪਰ ਟਿਕਟ ਕਿਸੇ ਇੱਕ ਨੂੰ ਮਿਲਣ ਤੋਂ ਬਾਅਦ ਸਾਰਿਆਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਜਿੱਤ ਲਈ ਕੰਮ ਕਰਨਾ ਹੋਵੇਗਾ। ਉਨ੍ਹਾਂ ਦੋਆਬੇ ਦੀਆਂ ਸਾਰੀਆਂ 23 ਸੀਟਾਂ ’ਤੇ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਇੱਕ-ਇੱਕ ਵੋਟ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਘੱਟ ਰੈਲੀਆਂ ਕਰੇਗੀ, ਪਰ ਹਰ ਰੈਲੀ ਵਿੱਚ ਵਰਕਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਜੋਸ਼ ਦੇ ਨਾਲ ਹੋਸ਼ ਰੱਖਦਿਆਂ ਸਾਰਿਆਂ ਨੂੰ ਮਿਲ ਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣੀ ਹੈ ਅਤੇ ਸੂਬੇ ਨੂੰ ਵਿਕਾਸ, ਰੁਜ਼ਗਾਰ, ਸੁਰੱਖਿਆ ਅਤੇ ਖੁਸ਼ਹਾਲੀ ਦੇ ਰਾਹ ’ਤੇ ਵਾਪਸ ਲਿਆਉਣਾ ਹੈ।

ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਦਿਲਜੀਤ ਸਿੰਘ ਗਿਲਜ਼ੀਆਂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਪਵਨ ਆਦੀਆ, ਸਾਬਕਾ ਵਿਧਾਇਕ ਇੰਦੂ ਬਾਲਾ, ਯਾਮਿਨੀ ਗੋਮਰ, ਮਿੱਕੀ ਡੋਗਰਾ, ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ, ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਣਜੀਤ ਕੁਮਾਰ ਕਿੱਟੀ ਅਤੇ ਬਲਤੇਜ ਸਿੰਘ ਪੰਨੂ ਸਮੇਤ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।


Table of Contents

Scroll to Top