ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਚੰਡੀਗੜ੍ਹ, 18 ਅਕਤੂਬਰ – ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਯੂਨਿਟ ਨੇ ਟਰੈਪ ਲਗਾ ਕੇ ਅੱਜ ਏ.ਐਸ.ਆਈ. ਭੋਲਾ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਵਿਰੁੱਧ ਵਿਜੀਲੈਂਸ ਬਿਊਰੋ, ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top