ਰਾਜਪਾਲ ਪੰਜਾਬ ਨੇ ਸਮਾਜ ’ਚ ਸਦਭਾਵਨਾ, ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਲਈ ਨਿਮਰਤਾ, ਦਇਆ ਤੇ ਆਪਸੀ ਪ੍ਰੇਮ ਵਰਗੇ ਉੱਚ ਗੁਣਾਂ ਨੂੰ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ

ਜਲੰਧਰ, 15 ਨਵੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸਮਾਜ ਵਿੱਚ ਸਦਭਾਵਨਾ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਲਈ ਨਿਮਰਤਾ, ਦਇਆ ਅਤੇ ਆਪਸੀ ਪ੍ਰੇਮ ਵਰਗੇ ਉੱਚ ਗੁਣਾਂ ਨੂੰ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਬਾਬਾ ਬਲਦੇਵ ਸਿੰਘ ਜੀ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਜਲੰਧਰ ਅਧੀਨ ਪੈਂਦੇ ਨਕੋਦਰ ਸਬ-ਡਵੀਜ਼ਨ ਨੇੜੇ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੁਲੰਦਪੁਰੀ ਸਾਹਿਬ ਵਿਖੇ ਐਚ.ਕੇ.ਐਲ. ਗੋਲਬਲ ਮੂਵਮੈਂਟ ਵੱਲੋਂ ਕਰਵਾਈ ਜਾ ਰਹੀ ਹਲੇਮੀਆਂ, ਹਮਦਰਦੀਆਂ ਅਤੇ ਮੁਹੱਬਤਾਂ ਦੀ 8ਵੀਂ ਅੰਤਰਾਸ਼ਟਰੀ ਕਾਨਫਰੰਸ ਵਿੱਚ ਸ਼ਿਰਕਤ ਕਰਦਿਆਂ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜ਼ਿੰਦਗੀ ਵਿੱਚ ਤਰੱਕੀ ਤੇ ਸਫ਼ਲਤਾ ਹਾਸਲ ਕਰਨ ਲਈ ਸਭ ਤੋਂ ਪਹਿਲਾ ਤੇ ਮਹੱਤਵਪੂਰਣ ਗੁਣ ਨਿਮਰਤਾ ਹੈ। ਉਨ੍ਹਾਂ ਕਿਹਾ ਕਿ ਹੰਕਾਰ ਮਨੁੱਖ ਨੂੰ ਦੂਜਿਆਂ ਤੋਂ ਦੂਰ ਕਰਦਾ ਹੈ, ਜਦਕਿ ਨਿਮਰਤਾ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਦਿਆਂ ਮਨੁੱਖ ਨੂੰ ਮਨੁੱਖ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਦਇਆ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਦੂਜਿਆਂ ਦੇ ਦੁੱਖ-ਦਰਦ ਨੂੰ ਸਮਝਣਾ ਹੀ ਸੱਚੀ ਮਨੁੱਖਤਾ ਦੀ ਪਛਾਣ ਹੈ।

ਪ੍ਰੇਮ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਸ਼੍ਰੀ ਕਟਾਰੀਆ ਨੇ ਕਿਹਾ ਕਿ ਪ੍ਰੇਮ ਇਕ ਅਜਿਹੀ ਸ਼ਕਤੀ ਹੈ, ਜੋ ਵੱਖ-ਵੱਖ ਵਿਚਾਰਧਾਰਾਵਾਂ, ਧਰਮਾਂ ਅਤੇ ਸੱਭਿਆਚਾਰਾਂ ਦੇ  ਲੋਕਾਂ ਨੂੰ ਇਕ ਧਾਗੇ ਵਿੱਚ ਪਰੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਦੁਨੀਆ ਜੰਗ ਅਤੇ ਵਾਤਾਵਰਣ ਸਬੰਧੀ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਅਜਿਹੇ ਸਮੇਂ ਆਪਸੀ ਵਖਰੇਵੇਂ ਤੇ ਦੂਰੀਆਂ ਨੂੰ ਖ਼ਤਮ ਕਰਕੇ ਏਕਤਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ ਸ਼ਖਸੀਅਤਾਂ, ਸਟੇਟ ਇਨਫਰਮੇਸ਼ਨ ਕਮਿਸ਼ਨਰ ਹਰਪ੍ਰੀਤ ਸੰਧੂ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਹੋਰ ਹਸਤੀਆਂ ਵੀ ਮੌਜੂਦ ਸਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਿਧਾਂਤ ਅੱਜ ਵੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ’ਤੇ ਚੱਲ ਕੇ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਗੁਰੂ ਸਾਹਿਬ ਦੇ ਕੁਦਰਤ ਸਬੰਧੀ ਸੰਦੇਸ਼ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਕੁਦਰਤ ਨਾਲ ਪਿਆਰ ਅਤੇ ਸਤਿਕਾਰ ਕਰਨ ਦੀ ਅਪੀਲ ਵੀ ਕੀਤੀ।

ਉਨ੍ਹਾਂ ਬਾਬਾ ਬਲਦੇਵ ਸਿੰਘ ਜੀ ਦੀ ਅਗਵਾਈ ਹੇਠ ਐਚ.ਕੇ.ਐਲ.ਗਲੋਬਲ ਮੂਵਮੈਂਟ ਵੱਲੋਂ ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿੱਚ ਨਿਮਰਤਾ, ਦਇਆ ਅਤੇ ਆਪਸੀ ਪ੍ਰੇਮ ਦਾ ਸੰਦੇਸ਼ ਫੈਲਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਣ ਕਾਨਫਰੰਸ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੜੇ ਮਾਣ ਅਤੇ ਸੁਭਾਗ ਦੀ ਗੱਲ ਹੈ।

ਇਸ ਮੌਕੇ ਬਾਬਾ ਬਲਦੇਵ ਸਿੰਘ ਜੀ ਨੇ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਕਾਨਫਰੰਸ ਵਿੱਚ ਸ਼ਮੂਲੀਅਤ ਨਾਲ ਮਨੁੱਖਤਾ, ਆਪਸੀ ਪਿਆਰ ਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ ਨੂੰ ਹੋਰ ਬਲ ਮਿਲੇਗਾ।

ਇਸ ਮੌਕੇ ਰਾਜਪਾਲ ਪੰਜਾਬ ਵੱਲੋਂ ਹਾਜੀ ਸਈਅਦ ਸਲਮਾਨ ਚਿਸ਼ਤੀ, ਕਰਟਿਸ ਗੈਬਰੀਅਲ, ਐਂਡਰੀਆ ਮੈਥਿਸ, ਰੇਵ. ਡੇਵਿਡ ਬੇਦੁਜ਼ਾ, ਨਤਾਲੀਆ ਵਾਸਿਲਯੇਵਾ, ਬ੍ਰਹਮ ਕੁਮਾਰੀ ਹੁਸੈਨ ਦੀਦੀ, ਸੋਨਾਲੀ ਸਿੰਘ, ਅਨਮੋਲ ਕਵਾਤਰਾ ਸਮੇਤ ਕਾਨਫਰੰਸ ਵਿੱਚ ਸ਼ਾਮਲ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।

Table of Contents

Scroll to Top