ਜਲੰਧਰ, 6 ਜਨਵਰੀ : ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਰੀਜ਼ਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਵਲੋਂ ਬੀ.ਐਸ.ਐਫ. ਚੌਕ ਵਿਖੇ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ।
ਸੜਕ ਸੁਰੱਖਿਆ ਨਿਯਮਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਰੀਜ਼ਨਲ ਟਰਾਂਸਪੋਰਟ ਅਫ਼ਸਰ ਅਮਨਮਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹਰੇਕ ਲਈ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਸੜਕੀ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੌਰਾਨ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਹੋਰ ਵੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਵਿਸ਼ਾਲ ਗੋਇਲ ਅਤੇ ਕਮਲੇਸ਼ ਕੁਮਾਰੀ ਵਲੋਂ ਵੀ ਲੋਕਾਂ ਨੂੰ ਸੜਕੀ ਹਾਦਸਿਆਂ ਨੂੰ ਰੋਕਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਦੁਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਅਤੇ ਚੌਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਲਾਜ਼ਮੀ ਕਰਨ ਵਰਤੋਂ ਕਰਨ, ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਅਤੇ ਸਹੀ ਰਫ਼ਤਾਰ ਵਿੱਚ ਵਾਹਨ ਚਲਾਉਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਸ਼ਰਾਬ ਪੀ ਕੇ ਵਾਹਨ ਨਾ ਚਲਾਉਣ ਅਤੇ ਧੁੰਦ ਦੇ ਮੌਸਮ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਵੀ ਕੀਤੀ।

















































